ਪੰਜਾਬ ਦੇ ਫਿਰੋਜ਼ਪੁਰ ਦੇ ਜੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ ਅੱਗੇ ਵੱਖ-ਵੱਖ ਕਿਸਾਨ ਸੰਗਠਨਾਂ ਅਤੇ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਧਰਨੇ ਵਾਲੀ ਥਾਂ ’ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ।
ਇਸ ਦੇ ਨਾਲ ਹੀ ਸੀਐਮ ਪੰਜਾਬ ਭਗਵੰਤ ਮਾਨ ਨੇ ਵੀ ਇਸ ਮਾਮਲੇ ਦੀ ਜਾਂਚ ਇੱਕ ਮਹੀਨੇ ਵਿੱਚ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ ਪਰ ਆਸ-ਪਾਸ ਦੇ 40 ਪਿੰਡਾਂ ਦੇ ਲੋਕ ਅਤੇ ਕਿਸਾਨ ਜਥੇਬੰਦੀਆਂ ਕਿਸੇ ਵੀ ਹਾਲਤ ਵਿੱਚ ਸ਼ਰਾਬ ਫੈਕਟਰੀ ਨੂੰ ਚੱਲਣ ਨਹੀਂ ਦੇਣਾ ਚਾਹੁੰਦੇ। ਕਿਉਂਕਿ ਲੋਕਾਂ ਅਨੁਸਾਰ ਪੀਣ ਵਾਲਾ ਪਾਣੀ ਜ਼ਹਿਰ ਬਣਦਾ ਜਾ ਰਿਹਾ ਹੈ। ਪਰ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਅੱਜ ਲੋਕਾਂ ਨਾਲ ਗੱਲਬਾਤ ਕਰਕੇ ਕੋਈ ਵਿਚਕਾਰਲਾ ਰਸਤਾ ਕੱਢਣ ਦੀ ਕੋਸ਼ਿਸ਼ ਕਰਨਗੇ।
ਹਾਈਕੋਰਟ ਨੇ ਧਰਨਾ ਉਠਾਉਣ ਦੇ ਦਿੱਤੇ ਨਿਰਦੇਸ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ 15 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਧਰਨਾ ਉਠਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ ਪਰ 15 ਦਸੰਬਰ ਨੂੰ ਜਦੋਂ ਪੁਲਿਸ-ਪ੍ਰਸ਼ਾਸ਼ਨ ਪੂਰੀ ਤਿਆਰੀ ਅਤੇ ਟੀਮ-ਫੋਰਸ ਨਾਲ ਧਰਨਾ ਚੁੱਕਣ ਲਈ ਪਹੁੰਚਿਆ ਤਾਂ ਕਿਸਾਨ ਸੰਗਠਨਾਂ ਅਤੇ ਸਾਰੇ ਪਿੰਡਾਂ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਸਰਕਾਰੀ ਕਾਰਵਾਈ ਦਾ ਵਿਰੋਧ ਕੀਤਾ। ਇਸ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਖਾਲੀ ਹੱਥ ਪਰਤਣਾ ਪਿਆ।