ਫਿਲਪੀਨਜ਼ ‘ਚ ਵੱਡਾ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਵਾਰੀਆਂ ਨਾਲ ਭਰੀ ਬੱਸ ਖਾਈ ਵਿਚ ਡਿੱਗ ਗਈ। ਇਸ ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਗਈ।
ਮੀਡੀਆ ਰਿਪੋਰਟਾਂ ਮੁਤਾਬਿਕ ਸਥਾਨਕ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਫਿਲਪੀਨਜ਼ ਵਿਚ ਇਕ ਬੱਸ ‘ਚ ਦਰਜਨਾਂ ਲੋਕ ਸਵਾਰ ਸਨ। ਇਹ ਬੱਸ ਐਂਟੀਕ ਸੂਬੇ ਦੀ ਇਕ ਚੱਟਾਨ ਤੋਂ ਡਿੱਗ ਗਈ, ਜਿਸ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਗਵਰਨਰ ਰੋਡੋਰਾ ਕੈਡੀਆਓ ਨੇ ਦੱਸਿਆ ਕਿ ਬੱਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ‘ਚੋਂ 8 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦੋਂਕਿ ਚਾਰ ਦੀ ਹਾਲਤ ਸਥਿਰ ਹੈ।
ਗਵਰਨਰ ਰੋਡੋਰਾ ਕੈਡੀਆਓ ਨੇ ਕਿਹਾ ਕਿ ਬੱਸ ਇਲੋਇਲੋ ਸੂਬੇ ਤੋਂ ਐਂਟੀਕ ਦੇ ਕੁਲਾਸੀ ਸ਼ਹਿਰ ਜਾ ਰਹੀ ਸੀ। ਉਦੋਂ ਉਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ ਅਤੇ ਬੱਸ 30 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ।
ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਸਾਰੀਆਂ ਲਾਸ਼ਾਂ ਨੂੰ ਮੌਕੇ ਤੋਂ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ ਯਾਤਰੀਆਂ ਦੀ ਗਿਣਤੀ 53 ਦੇ ਕਰੀਬ ਦੱਸੀ ਜਾਂਦੀ ਹੈ। ਫਿਲਹਾਲ ਯਾਤਰੀਆਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਹੋਈ ਹੈ।