ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਅਕਰਪੁਰਾ ਕਲਾਂ ‘ਚ ਮਾਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕਰਦਿਆਂ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ ਹੈ। ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲ ਰੋਸ਼ਨਦੀਪ ਵਾਸੀ ਅਕਰਪੁਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਰੌਸ਼ਨਦੀਪ ਦੇ ਭਰਾ ਜਸ਼ਨ ਨੇ ਦੱਸਿਆ ਕਿ ਮਾਮੂਲੀ ਰੰਜਿਸ਼ ਦੇ ਚਲਦਿਆਂ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸਦੇ ਭਰਾ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕੀਤੀ ਸੀ ਅਤੇ ਉਸਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ ਸੀ।
ਉਸਨੇ ਦੱਸਿਆ ਕਿ ਗੰਭੀਰ ਜ਼ਖ਼ਮੀ ਹੋਏ ਰੋਸ਼ਨਦੀਪ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ । ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ‘ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਹੀ ਪੁਲਸ ਵਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਲਏ ਜਾ ਰਹੇ ਹਨ।