PSEB ਦੀਆਂ ਪ੍ਰੀਖਿਆਵਾਂ ਬਹੁਤ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਵਿਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ ਦੇਣਗੇ। ਇਨ੍ਹਾਂ ’ਚ ਰੈਗੂਲਰ ਸਕੂਲਾਂ ਤੋਂ 38,633 ਅਤੇ ਓਪਨ ਸਕੂਲਾਂ ’ਚੋਂ 1834 ਵਿਦਿਆਰਥੀ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਇਸੇ ਤਰ੍ਹਾਂ 37,690 ਵਿਦਿਆਰਥੀ 12ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ’ਚ ਸ਼ਾਮਲ ਹੋਣਗੇ। ਜਿਸ ’ਚ 35,191 ਰੈਗੂਲਰ ਵਿਦਿਆਰਥੀ ਅਤੇ 2499 ਓਪਨ ਸਕੂਲ ਦੇ ਵਿਦਿਆਰਥੀ ਸ਼ਾਮਲ ਹਨ। 8ਵੀਂ ਦੀਆਂ ਪ੍ਰੀਖਿਆਵਾਂ ਮਾਰਚ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਚੱਲਣਗੀਆਂ।
ਜੇਕਰ ਗੱਲ ਲੁਧਿਆਣਾ ਜ਼ਿਲ੍ਹੇ ਦੀ ਕੀਤੀ ਜਾਵੇ ਤਾਂ ਲੁਧਿਆਣਾ ’ਚ 8ਵੀਂ ਜਮਾਤ ਦੀ ਪ੍ਰੀਖਿਆ ਲਈ 42,716 ਵਿਦਿਆਰਥੀ ਰਜਿਸਟਰਡ ਹੋਏ ਹਨ। ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਸਵਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਕਿਸੇ ਵੀ ਲਾਪਰਵਾਹੀ ਤੋਂ ਬਚਣ ਲਈ ਸਕੂਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ’ਚ ਬੋਰਡ ਪ੍ਰੀਖਿਆਵਾਂ ਵਿੱਚ 1 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਹਿੱਸਾ ਲੈਣ ਦੀ ਉਮੀਦ ਦੇ ਨਾਲ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ ਗਤੀਵਿਧੀਆਂ ’ਚ ਸ਼ਾਨਦਾਰਤਾ ਪ੍ਰਾਪਤ ਕਰਨ ਲਈ ਅਨੁਕੂਲ ਵਾਤਾਵਰਣ ਪ੍ਰਣਾਨ ਕਰਨ ਲਈ ਵਚਨਬੱਧ ਹੈ।