ਅਕਾਲੀ ਦਲ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਟਲੀ ਨੇ ਪਾਰਟੀ ਦੇ ਫ਼ੈਸਲੇ ਤੋਂ ਉਲਟ ਜਾਂਦਿਆਂ ਅੱਜ ਹੋ ਰਹੀ ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਯਾਦ ਰਹੇ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਐਨ ਡੀ ਏ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਦਾ ਐਲਾਨ ਕੀਤਾਸੀ। ਮਨਪ੍ਰੀਤ ਇਯਾਲੀ ਨੇ ਇਕ ਵੀਡੀਓ ਸੰਦੇਸ਼ ਵਿਚ ਇਹ ਕਿਹਾ ਕਿ ਕਾਂਗਰਸ ਤੋਂ ਸਾਨੂੰ ਕੋਈ ਆਸ ਨਹੀਂ ਸੀ ਪਰ ਭਾਜਪਾ ਸਰਕਾਰ ਵੀ ਪੰਜਾਬ ਨਾਲ ਨਿਆਂ ਨਹੀਂ ਕਰ ਸਕੀ।
ਸਿੱਖ ਕੌਮ ਨੇ ਬਹੁਤ ਕੁਰਬਾਨੀਆਂ ਕੀਤੀਆਂ ਹਨ ਪਰ ਸਿੱਖਾਂ ਨਾਲ ਹਮੇਸ਼ਾ ਹੀ ਵਿਤਕਰਾ ਹੁੰਦਾ ਰਿਹਾ ਹੈ। ਸਾਨੂੰ ਪੰਜਾਬ ਤਾਂ ਦਿੱਤਾ ਗਿਆ ਪਰ ਪੰਜਾਬੀ ਬੋਲਣ ਵਾਲੇ ਇਲਾਕੇ ਨਹੀਂ ਦਿੱਤੇ ਗਏ। ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ, ਉਹ ਅੱਜ ਤੱਕ ਪੰਜਾਬ ਨੂੰ ਨਹੀਂ ਦਿੱਤਾ ਗਿਆ। ਪੰਜਾਬ ਵਿੱਚ ਪਾਣੀ ਦਾ ਮੁੱਦਾ ਹਮੇਸ਼ਾ ਹੀ ਰਿਹਾ ਹੈ। ਐਸ.ਵਾਈ.ਐਲ ਦਾ ਮੁੱਦਾ ਕੇਂਦਰ ਦੀ ਕਾਂਗਰਸ ਸਰਕਾਰ ਨੇ ਸ਼ੁਰੂ ਕੀਤਾ ਸੀ। ਭਾਰਤੀ ਜਨਤਾ ਪਾਰਟੀ ਜਿਸ ਦਾ ਅਕਾਲੀ ਦਲ ਨਾਲ ਵੀ ਗਠਜੋੜ ਰਿਹਾ ਹੈ। ਸਾਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ ਪਰ ਉਨ੍ਹਾਂ ਨੇ ਸਾਡੀਆਂ ਉਮੀਦਾਂ ਪੂਰੀਆਂ ਨਹੀਂ ਕੀਤੀਆਂ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਵਿੱਚ ਸਰਕਾਰ ਆਉਣ ਤੋਂ ਬਾਅਦ ਵੀ ਸਾਡੇ ਮਸਲੇ ਹੱਲ ਨਹੀਂ ਹੋਏ, ਕਾਰਨ ਪਤਾ ਨਹੀਂ ਪਰ ਸਾਡੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਪਰ ਸਾਡੀ ਪਾਰਟੀ ਨੇ ਰਾਸ਼ਟਰਪਤੀ ਦੀ ਚੋਣ ਲਈ ਜੋ ਉਮੀਦਵਾਰ ਖੜ੍ਹਾ ਕੀਤਾ ਹੈ, ਉਸ ਦੀ ਹਮਾਇਤ ਕਰਨ ਤੋਂ ਪਹਿਲਾਂ ਮੇਰੇ ਅਤੇ ਸਿੱਖਾਂ ਤੋਂ ਕੋਈ ਰਾਏ ਨਹੀਂ ਲਈ ਗਈ। ਸਾਡੀਆਂ ਭਾਵਨਾਵਾਂ ਬਾਰੇ ਨਹੀਂ ਸੋਚਿਆ। ਕੇਂਦਰ ਨੇ ਅੱਜ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਪੀਯੂ ਦਾ ਕੇਂਦਰੀਕਰਨ ਹੋ ਰਿਹਾ ਹੈ। ਸ਼ੈਲ਼ ਦੇ ਗੀਤਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਜੋ ਸਾਡੇ ਪੰਜਾਬ ਵਾਸੀਆਂ ਨਾਲ ਧੱਕਾ ਹੈ। ਜੇਕਰ ਭਾਜਪਾ ਸਮਰਥਨ ਹਾਸਲ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਮਸਲੇ ਹੱਲ ਕਰੇ। ਉਹਨਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ, ਬੁੱਧੀਜੀਵੀ ਵਰਗ ਤੇ ਅਕਾਲੀ ਦਲ ਦੇ ਆਗੂਆਂ ਨਾਲ ਵੀ ਸਲਾਹ ਮਸ਼ਵਰਾ ਕਰ ਕੇ ਇਹ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ।