ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਜੁੜਦਾ ਨਜ਼ਰ ਆ ਰਿਹਾ ਹੈ।
ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
ਦਰਅਸਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੀਐਮਐਲਏ ਯਾਨੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਸੰਮਨ ਜਾਰੀ ਕੀਤਾ ਗਿਆ ਹੈ ਅਤੇ ਸੂਤਰਾਂ ਅਨੁਸਾਰ ਏਜੰਸੀ ਦਿੱਲੀ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਦੇ ਬਿਆਨ ਦਰਜ ਕਰੇਗੀ।
ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਜਿਹੇ ਸਮੇਂ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ ਜਦੋਂ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਝਟਕਾ ਦਿੱਤਾ ਸੀ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।