ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਾਨ ਸਰਕਾਰ ਵਲੋਂ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਤਿੱਖੇ ਵਿਅੰਗ ਕੱਸੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਇਮਾਰਤਾਂ ਤੇ ਸਕੀਮਾਂ ਦੇ ਨਾਂ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ ਕਰਨਾ ਬੰਦ ਕਰਨ ਅਤੇ ਉਨ੍ਹਾਂ ਮੁੱਖ ਮੰਤਰੀ ਵੱਲੋਂ ਪਿਛਲੀ ਅਕਾਲੀ ਦਲ ਸਰਕਾਰ ਵੱਲੋਂ ਬਣਾਏ 74 ਸੁਵਿਧਾ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਬਦਲ ਕੇ ਸ਼ੋਹਰਤ ਹਾਸਲ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ 300 ਯੂਨਿਟ ਮੁਫਤ ਬਿਜਲੀ ਦੀ ਸਕੀਮ ਵਿਚੋਂ 90 ਫੀਸਦੀ ਪੰਜਾਬੀਆਂ ਨੂੰ ਬਾਹਰ ਕਰਨ ਦੀ ਵੀ ਨਿਖੇਧੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਬੇਗੋਵਾਲ ਰਿਹਾਇਸ਼ ’ਤੇ ਪ੍ਰੋਗਰਾਮ ਵਿਚ ਭਾਗ ਲੈਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿਚ 75 ਕਲੀਨਿਕ ਖੋਲ੍ਹ ਕੇ ਮੁਹੱਲਾ ਕਲੀਨਿਕ ਦੀ ਵਿਵਸਥਾ ਦਾ ਮਖੌਲ ਬਣਾ ਦਿੱਤਾ ਹੈ ਕਿਉਂਕਿ ਸੂਬੇ ਵਿਚ 13000 ਹਜ਼ਾਰ ਪਿੰਡ ਹਨ ਤੇ ਨਾਲ ਹੀ ਆਪ ਸਰਕਾਰ ਨੇ ਲੋਕਾਂ ਨੂੰ ਵਿਲੱਖਣ ਸੁਵਿਧਾ ਕੇਂਦਰਾਂ ਦੀ ਸਹੂਲਤ ਤੋਂ ਵਾਂਝਾ ਕਰ ਦਿੱਤਾ ਹੈ ਜਦੋਂ ਕਿ ਸੂਬੇ ਦੇ ਲੋਕਾਂ ਨੂੰ 78 ਜ਼ਰੂਰੀ ਸੇਵਾਵਾਂ ਦੇਣ ਵਾਸਤੇ 2 ਹਜ਼ਾਰ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਸੀ।
ਮੁੱਖ ਮੰਤਰੀ ਪਿਛਲੀ ਅਕਾਲੀ ਦਲ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਆਪਣੇ ਖਾਤੇ ਨਾ ਪਾਉਣ ਦੀ ਸਲਾਹ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਨੇ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਤੇ ਇਸ ਕੋਲ ਵਿਖਾਉਣ ਲਈ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ 3 ਹਜ਼ਾਰ ਸਬ ਸੈਂਟਰਾਂ ਤੇ ਡਿਸਪੈਂਸਰੀਆਂ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਦਵਾਈਆਂ ਉਪਲਬਧ ਕਰਵਾਉਣ ’ਤੇ ਖਰਚਿਆ ਜਾ ਸਕਦਾ ਸੀ। ਇਸੇ ਤਰੀਕੇ ਸਰਕਾਰ ਨੂੰ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲਾਂ ਵਿਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਨਾਲ ਹੀ ਸੁਪਰ ਸਪੈਸ਼ਲਟੀ ਸਹੂਲਤਾਂ ਸ਼ੁਰੂ ਕਰਨ ਦੀ ਜ਼ਰੂਰਤ ਹੈ।
ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਹ ਵੀ ਵੇਖਣ ਕਿ ਕਿਵੇਂ ਮੁਹੱਲਾ ਕਲੀਨਿਕ ਸਕੀਮ ਦਿੱਲੀ ਵਿਚ ਕੋਰੋਨਾ ਮਹਾਮਾਰੀ ਵੇਲੇ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਸੀ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਸੁਵਿਧਾ ਕੇਂਦਰਾਂ ਦੇ ਨਾਂ ਬਦਲ ਕੇ ਸਸਤੀ ਸ਼ੋਹਰਤ ਹਾਸਲ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਇੰਨਾ ਹੇਠਾਂ ਜਾ ਕੇ ਬਿਨਾਂ ਕਿਸੇ ਪ੍ਰੋਗਰਾਮ ਦੇ ਸਸਤੀ ਸ਼ੋਹਰਤ ਹਾਸਲ ਕਰਕੇ ਆਪਣੀ ਫੇਲ੍ਹ ਸਰਕਾਰ ਦੀ ਕਿਸਮਤ ਬਦਲ ਦਾ ਯਤਨ ਕਰਨ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਮੁੱਖ ਮੰਤਰੀ ਆਪ ਹਾਈ ਕਮਾਂਡ ਦੇ ਹੁਕਮਾਂ ਮੁਤਾਬਕ ਚੱਲਣ ਦੀ ਥਾਂ ਪੰਜਾਬੀਆਂ ਦੀ ਲੋੜ ਮੁਤਾਬਕ ਵਿਕਾਸ ਕਾਰਜ ਕਰਵਾਉਂਦੇ ਕਿਉਂਕਿ ਉਹਨਾਂ ’ਤੇ ਤਾਂ ਪਹਿਲਾਂ ਹੀ ਰਬੜ ਦੀ ਮੋਹਰ ਬਣ ਜਾਣ ਦਾ ਠੱਪਾ ਲੱਗਾ ਹੋਇਆ ਹੈ।