PM ਮੋਦੀ ਨੇ ਉੱਤਰਾਖੰਡ ਦੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਮਜ਼ਦੂਰਾਂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਵੀ ਕੀਤਾ। ਦੂਜੇ ਪਾਸੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਸਾਰੇ ਮਜ਼ਦੂਰਾਂ ਨੂੰ ਇੱਕ-ਇੱਕ ਲੱਖ ਰੁਪਏੇ ਦੇਣ ਦਾ ਐਲਾਨ ਕੀਤਾ।
ਬਚਾਅ ਕਾਰਜ ਵਿੱਚ ਸ਼ਾਮਲ ਲੋਕਾਂ ਦੀ ਤਾਰੀਫ਼ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਦ੍ਰਿੜ ਇਰਾਦੇ ਨੇ ਸਾਡੇ ਮਜ਼ਦੂਰ ਭਰਾਵਾਂ ਨੂੰ ਨਵਾਂ ਜੀਵਨ ਦਿੱਤਾ ਹੈ। ਇਸ ਮਿਸ਼ਨ ਵਿੱਚ ਸ਼ਾਮਲ ਹਰ ਵਿਅਕਤੀ ਨੇ ਮਨੁੱਖਤਾ ਅਤੇ ਟੀਮ ਵਰਕ ਦੀ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਪੋਸਟ ਕੀਤਾ ਅਤੇ ਕਿਹਾ, “ਉੱਤਰਕਾਸ਼ੀ ਵਿੱਚ ਸਾਡੇ ਮਜ਼ਦੂਰ ਭਰਾਵਾਂ ਦੇ ਬਚਾਅ ਕਾਰਜ ਦੀ ਸਫਲਤਾ ਹਰ ਕਿਸੇ ਨੂੰ ਭਾਵੁਕ ਕਰਨ ਵਾਲੀ ਹੈ। ਟਨਲ ਵਿੱਚ ਜੋ ਸਾਥੀ ਫਸੇ ਹੋਏ ਸਨ, ਉਨ੍ਹਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੀ ਹਿੰਮਤ ਤੇ ਸਬਰ ਹਰ ਕਿਸੇ ਨੂੰ ਪ੍ਰੇਰਿਤ ਕਰ ਰਿਹਾ ਹੈ।’
ਇਸ ਤੋਂ ਇਲਾਵਾ ਪੀਐਮ ਮੋਦੀ ਨੇ ਆਪਣੇ ਟਵੀਟ ‘ਚ ਲਿਖਿਆ, ‘ਮੈਂ ਤੁਹਾਡੇ ਸਾਰਿਆਂ ਦੀ ਤੰਦਰੁਸਤੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਸਾਡੇ ਇਹ ਦੋਸਤ ਆਪਣੇ ਸਨੇਹੀਆਂ ਨੂੰ ਮਿਲਣਗੇ। ਇਸ ਔਖੀ ਘੜੀ ਵਿੱਚ ਇਨ੍ਹਾਂ ਸਾਰੇ ਪਰਿਵਾਰਾਂ ਨੇ ਜੋ ਸਬਰ ਅਤੇ ਦਲੇਰੀ ਦਿਖਾਈ ਹੈ, ਉਸ ਦੀ ਜਿੰਨੀ ਵੀ ਤਾਰੀਫ ਕੀਤੀ ਜਾਵੇ ਉਹ ਘੱਟ ਹੈ।’
ਪੀਐਮ ਮੋਦੀ ਨੇ ਅੱਗੇ ਕਿਹਾ, ‘ਮੈਂ ਇਸ ਬਚਾਅ ਮੁਹਿੰਮ ਨਾਲ ਜੁੜੇ ਸਾਰੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਦ੍ਰਿੜਤਾ ਨੇ ਸਾਡੇ ਮਜ਼ਦੂਰ ਭਰਾਵਾਂ ਨੂੰ ਨਵਾਂ ਜੀਵਨ ਦਿੱਤਾ ਹੈ। ਇਸ ਮਿਸ਼ਨ ਵਿੱਚ ਸ਼ਾਮਲ ਹਰ ਵਿਅਕਤੀ ਨੇ ਮਨੁੱਖਤਾ ਅਤੇ ਟੀਮ ਵਰਕ ਦੀ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ।
ਉਥੇ ਹੀ ਸਿਲਕਿਆਰਾ ਸੁਰੰਗ ‘ਚੋਂ 17ਵੇਂ ਦਿਨ ਮੰਗਲਵਾਰ ਨੂੰ ਕੱਢੇ ਗਏ 41 ਮਜ਼ਦੂਰਾਂ ਨੂੰ ਚਿਨਿਆਲੀਸੌਰ ‘ਚ ਬਣੇ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਸਾਰੇ ਮਜ਼ਦੂਰ 48 ਘੰਟੇ ਡਾਕਟਰਾਂ ਦੀ ਨਿਗਰਾਨੀ ‘ਚ ਰਹਿਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮਜ਼ਦੂਰਾਂ ਦੇ ਤੰਦਰੁਸਤ ਹੋਣ ਤੋਂ ਬਾਅਦ ਸਰਕਾਰ ਵੱਲੋਂ ਵਿੱਤੀ ਸਹਾਇਤਾ ਵਜੋਂ 1-1 ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਸਾਰੀਆਂ ਏਜੰਸੀਆਂ, ਕਰਮਚਾਰੀਆਂ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਆਈ.ਟੀ.ਬੀ.ਪੀ., ਬੀ.ਆਰ.ਓ ਦੇ ਨਾਲ-ਨਾਲ ਅੰਤਰਰਾਸ਼ਟਰੀ ਸੁਰੰਗ ਮਾਹਿਰ ਅਰਨੋਲਡ ਡਿਕਸ ਅਤੇ ਉਨ੍ਹਾਂ ਦੀ ਟੀਮ ਅਤੇ ਕ੍ਰਿਸ ਕੂਪਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਔਖੇ ਬਚਾਅ ਕਾਰਜ ਵਿੱਚ 17 ਦਿਨਾਂ ਤੱਕ ਦਿਨ ਰਾਤ ਕੰਮ ਕੀਤਾ।
ਧਾਮੀ ਨੇ ਕਿਹਾ ਕਿ ਸਿਲਕਿਆਰਾ ਸੁਰੰਗ ਵਿੱਚ ਫਸੇ ਸਾਰੇ ਮਜ਼ਦੂਰਾਂ ਨੂੰ ਸਰਕਾਰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਘਰ ਜਾਣ ਤੱਕ ਹਸਪਤਾਲ ਵਿੱਚ ਇਲਾਜ ਲਈ ਪੂਰੇ ਇੰਤਜ਼ਾਮ ਕੀਤੇ ਜਾਣਗੇ।
ਸਿਲਕਿਆਰਾ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਰੰਗ ‘ਚ ਫਸੇ ਸਾਰੇ ਮਜ਼ਦੂਰਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਇਲਾਜ ਦਾ ਖਰਚਾ ਸਰਕਾਰ ਚੁੱਕੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਮਜ਼ਦੂਰਾਂ ਲਈ ਖਾਣੇ ਅਤੇ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਘਰ ਜਾਣ ਤੱਕ ਦਾ ਸਾਰਾ ਖਰਚਾ ਵੀ ਸਰਕਾਰ ਚੁੱਕੇਗੀ।
ਧਾਮੀ ਨੇ ਦੱਸਿਆ ਕਿ ਬਾਬਾ ਬੋਖਨਾਗ ਅਤੇ ਦੇਵਭੂਮੀ ਦੇ ਦੇਵਤਿਆਂ ਦੀ ਕ੍ਰਿਪਾ ਸਦਕਾ ਇਹ ਅਪਰੇਸ਼ਨ ਸਫ਼ਲ ਰਿਹਾ। ਇਸ ਲਈ ਸਿਲਕਿਆਰਾ ਵਿੱਚ ਬੋਖਨਾਗ ਦੇਵਤਾ ਦਾ ਵਿਸ਼ਾਲ ਮੰਦਰ ਬਣਾਇਆ ਜਾਵੇਗਾ। ਇਸ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੋਖਨਾਗ ਦੇ ਆਸ਼ੀਰਵਾਦ ਨਾਲ ਸਾਰੇ ਵਰਕਰ ਸੁਰੱਖਿਅਤ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਬਾਬਾ ਬੋਖਨਾਗ ਦਾ ਮੰਦਰ ਬਣਾਉਣ ਦੀ ਮੰਗ ਉਠਾਈ ਹੈ। ਸਰਕਾਰ ਇਸ ਮੰਗ ਨੂੰ ਪੂਰਾ ਕਰੇਗੀ।