ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੂੰ ਮਹਿਲਾ ਕੋਚ ਦੇ ਬਹੁਤ ਹੀ ਗੰਭੀਰ ਦੋਸ਼ਾਂ ਤੋਂ ਬਾਅਦ ਅਹੁਦਾ ਛੱਡਣਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ। ਉੱਥੇ ਹੀ ਇਸ ਪੂਰੀ ਘਟਨਾ ਦੇ ਵਿਚਕਾਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦਾ ਇੱਕ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ।
ਸੀਐਮ ਖੱਟਰ ਦਾ ਕਹਿਣਾ ਹੈ ਕਿ ਮਹਿਲਾ ਕੋਚ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਖੱਟਰ ਨੇ ਕਿਹਾ ਕਿ ਦੋਸ਼ ਲਗਾਉਣ ਨਾਲ ਕਿਸੇ ਦਾ ਦੋਸ਼ ਸਾਬਤ ਨਹੀਂ ਹੁੰਦਾ। ਪੁਲਿਸ ਦੋਸ਼ਾਂ ਦੀ ਜਾਂਚ ਕਰਦੀ ਹੈ ਅਤੇ ਉਸ ਤੋਂ ਬਾਅਦ ਹੀ ਇਹ ਸਾਬਤ ਹੁੰਦਾ ਹੈ ਕਿ ਲਗਾਏ ਗਏ ਦੋਸ਼ ਸਹੀ ਹਨ ਜਾਂ ਨਹੀਂ। ਇਸ ਲਈ ਜਦੋਂ ਚੰਡੀਗੜ੍ਹ ਪੁਲਿਸ ਜਾਂਚ ਕਰ ਰਹੀ ਹੈ ਤਾਂ ਉਸ ਤੋਂ ਬਾਅਦ ਜੋ ਵੀ ਰਿਪੋਰਟ ਸਾਹਮਣੇ ਆਵੇਗੀ। ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਸੀਐਮ ਖੱਟਰ ਨੇ ਕਿਹਾ ਕਿ ਅਸੀਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਚਾਹੁੰਦੇ ਹਾਂ। ਇਸ ਲਈ ਸੰਦੀਪ ਸਿੰਘ ਤੋਂ ਖੇਡ ਵਿਭਾਗ ਵਾਪਸ ਲੈ ਲਿਆ ਗਿਆ ਹੈ। ਉਹ ਖੇਡ ਵਿਭਾਗ ਦੇ ਮੰਤਰੀ ਨਹੀਂ ਹੋਣਗੇ। ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਜਾਂਚ ‘ਤੇ ਵੀ ਸਵਾਲ ਉੱਠ ਸਕਦੇ ਹਨ। ਸੰਦੀਪ ਸਿੰਘ ਨੂੰ ਖੇਡ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋਵੇ।
ਹਾਲਾਂਕਿ 1 ਜਨਵਰੀ ਨੂੰ ਸੰਦੀਪ ਸਿੰਘ ਨੇ ਖੁਦ ਨੂੰ ਖੇਡ ਮੰਤਰੀ ਦਾ ਅਹੁਦਾ ਛੱਡਣ ਦੀ ਗੱਲ ਕਹੀ ਸੀ। ਸੰਦੀਪ ਸਿੰਘ ਨੇ ਕਿਹਾ ਸੀ ਕਿ ਉਸ ‘ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਦਾ ਅਕਸ ਖਰਾਬ ਕਰਨ ਕੀਤਾ ਜਾ ਰਿਹਾ ਹੈ। ਇਸੇ ਲਈ ਉਨ੍ਹਾਂ ਨੇ ਖੁਦ ਖੇਡ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਖੇਡ ਮੰਤਰੀ ਦਾ ਅਹੁਦਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹੈ।
ਮਹਿਲਾ ਕੋਚ ਦੇ ਸੰਦੀਪ ਸਿੰਘ ‘ਤੇ ਇਲਜ਼ਾਮ…
ਦਰਅਸਲ ਮਹਿਲਾ ਕੋਚ ਨੇ ਸੰਦੀਪ ਸਿੰਘ ‘ਤੇ ਛੇੜਛਾੜ ਦਾ ਦੋਸ਼ ਲਗਾਇਆ ਹੈ। ਮਹਿਲਾ ਕੋਚ ਦਾ ਕਹਿਣਾ ਹੈ ਕਿ ਸੰਦੀਪ ਸਿੰਘ ਉਸ ਨਾਲ ਅਸ਼ਲੀਲ ਗੱਲਾਂ ਕਰਦਾ ਸੀ ਅਤੇ ਉਸ ਵੱਲ ਬੁਰੀਆਂ ਨਜ਼ਰਾਂ ਨਾਲ ਦੇਖਦਾ ਸੀ। ਸੰਦੀਪ ਸਿੰਘ ਨੇ ਉਸ ਨੂੰ ਕਈ ਵਾਰ ਅਣਉਚਿਤ ਢੰਗ ਨਾਲ ਛੂਹਣ ਦੀ ਕੋਸ਼ਿਸ਼ ਵੀ ਕੀਤੀ।