ਬਠਿੰਡਾ ‘ਚ ਜਲਦ ਹੀ 3 ਹੋਰ ਸੂਰਜੀ ਊਰਜਾ ਪਲਾਂਟ ਕੀਤੇ ਜਾਣਗੇ ਸਥਾਪਤ
ਸੂਰਜੀ ਊਰਜਾ ਨੂੰ ਅਪਣਾ ਕੇ ਖੇਤੀ ਸੈਕਟਰ ਨੂੰ ਕਾਰਬਨ ਮੁਕਤ ਬਣਾਉਣ ਵੱਲ ਇੱਕ ਹੋਰ ਠੋਸ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੂਰਜੀ ਊਰਜਾ ਪਲਾਂਟ ਸਥਾਪਿਤ ਕੀਤੇ ਜਾਣਗੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੇਤੀਬਾੜੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਹਾਲ ਹੀ ਵਿੱਚ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਵਿਖੇ ਸਥਿਤ ਪੀ.ਐਸ.ਪੀ.ਸੀ.ਐਲ. ਨੂੰ ਭੇਜੀ ਜਾਂਦੀ ਹੈ ਅਤੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰੋਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।
ਇਹ ਵੀ ਪੜ੍ਹੋ : ਖੂਹੀ ਪੁੱਟ ਰਹੇ ਮਜ਼ਦੂਰ ‘ਤੇ ਡਿੱਗੀ ਢਿੱਗ, ਹੋਈ ਮੌ.ਤ || Latest…
ਅਮਨ ਅਰੋੜਾ ਨੇ ਕਿਹਾ ਕਿ 50 ਕਰੋੜ ਰੁਪਏ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਤਿੰਨ ਹੋਰ ਸੂਰਜੀ ਊਰਜਾ ਪ੍ਰੋਜੈਕਟਾਂ ਦੇ ਜੂਨ 2025 ਤੱਕ ਚਾਲੂ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਪੀ.ਐਸ.ਪੀ.ਸੀ.ਐਲ. ਦੇ 66 ਕੇਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ।
ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਖੇਤੀਬਾੜੀ ਲਈ ਸੂਰਜੀ ਊਰਜਾ ਦੇ ਸੰਕਲਪ ਨੂੰ ਦਰਸਾਉਂਦੇ ਹਨ ਅਤੇ ਪੀ.ਐਸ.ਪੀ.ਸੀ.ਐਲ ਨੂੰ ਬਹੁਤ ਘੱਟ ਲਾਗਤ ‘ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਰਾਜ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਲਈ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. 2.748 ਰੁਪਏ ਪ੍ਰਤੀ ਕਿਲੋਵਾਟ ਘੰਟੇ ਦੀ ਦਰ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ।








