ਚੰਡੀਗੜ੍ਹ : ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬਾ ਸਰਕਾਰ ਇੱਕ ਨੋਟੀਫਿਕੇਸ਼ਨ ਰਾਹੀਂ ਇਮਾਰਤਾਂ ਜਾਂ ਅਹਾਤਿਆਂ, ਜਿਸ ਵਿੱਚ ਨਿਰਧਾਰਤ ਜ਼ੋਖ਼ਮ ਸ਼੍ਰੇਣੀਆਂ ਸ਼ਾਮਲ ਹਨ, ਦੇ ਮਾਮਲੇ ਵਿੱਚ ਅੱਗ ਸੁਰੱਖਿਆ ਸਬੰਧੀ ਸਰਟੀਫਿਕੇਟ ਦੀ ਮਿਆਦ ਨਿਰਧਾਰਤ ਕਰ ਸਕੇਗੀ।