ਸੁਪਰੀਮ ਕੋਰਟ ਨੇ ਪੰਜ ਜੱਜਾਂ ਦੀ ਇੱਕ ਹੋਰ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਹੈ। ਇਹ ਬੈਂਚ ਨੋਟਬੰਦੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸਮੇਤ ਪੰਜ ਅਹਿਮ ਮਾਮਲਿਆਂ ਦੀ ਸੁਣਵਾਈ ਕਰੇਗਾ।
ਇਸ ਸਮੇਂ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ, ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਪੰਜ ਮੈਂਬਰੀ ਤਿੰਨ ਸੰਵਿਧਾਨਕ ਬੈਂਚ ਸਾਲਾਂ ਤੋਂ ਲਟਕਦੇ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ PFI ‘ਤੇ 5 ਸਾਲ ਲਈ ਲਗਾਈ ਪਾਬੰਦੀ
ਸੁਪਰੀਮ ਕੋਰਟ ਦੁਆਰਾ ਗਠਿਤ ਚੌਥੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦੀ ਅਗਵਾਈ ਜਸਟਿਸ ਐਸ ਅਬਦੁਲ ਨਜ਼ੀਰ ਕਰਨਗੇ ਅਤੇ ਇਸ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਏਐਸ ਬੋਪੰਨਾ, ਜਸਟਿਸ ਵੀ ਰਾਮਸੁਬਰਾਮਨੀਅਮ ਅਤੇ ਜਸਟਿਸ ਬੀਵੀ ਨਾਗਰਥਨਾ ਸ਼ਾਮਲ ਹਨ। ਇਹ ਸੰਵਿਧਾਨਕ ਬੈਂਚ ਬੁੱਧਵਾਰ ਤੋਂ ਪੰਜ ਮਾਮਲਿਆਂ ਦੀ ਸੁਣਵਾਈ ਕਰੇਗਾ।
ਇਹ ਸੰਵਿਧਾਨਕ ਬੈਂਚ ਕੇਂਦਰ ਸਰਕਾਰ ਦੇ 8 ਨਵੰਬਰ 2016 ਦੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਸ਼ੁਰੂ ਕਰੇਗਾ।
16 ਦਸੰਬਰ, 2016 ਨੂੰ ਤਤਕਾਲੀ ਚੀਫ਼ ਜਸਟਿਸ ਟੀਐਸ ਠਾਕੁਰ ਅਤੇ ਜਸਟਿਸ ‘ਸੇਵਾਮੁਕਤ’ ਏਐਮ ਖਾਨਵਿਲਕਰ ਅਤੇ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਵੈਧਤਾ ਅਤੇ ਹੋਰ ਸਵਾਲਾਂ ਨੂੰ ਪੰਜ ਜੱਜਾਂ ਦੇ ਵੱਡੇ ਬੈਂਚ ਕੋਲ ਭੇਜਿਆ ਸੀ।