ਮੁਹਾਲੀ ਹਵਾਈ ਅੱਡੇ ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਵਿੱਚ ਦੇਸ਼ਭਗਤੀ ਦੀ ਅਲਖ ਜਗਾਉਣ ਲਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾ ਰਿਹਾ ਹੈ। ਇਹ ਬੁੱਤ ਲਗਭਗ 30 ਫੁੱਟ ਉੱਚਾ ਹੈ | ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਇਸ ਬੁੱਤ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ । ਇਸੇ ਦੇ ਚੱਲਦਿਆਂ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਮਾਨ ਨੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ । ਇਸ ਮੌਕੇ ਉਨ੍ਹਾਂ ਆਪਣੇ X ਅਕਾਊਂਟ ਤੋਂ ਸ਼ੇਅਰ ਕੀਤਾ ਕਿ ਅੱਜ PWD ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ…
28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਸ਼ਾਨਦਾਰ ਬੁੱਤ ਲੋਕ ਸਮੱਰਪਿਤ ਕੀਤਾ ਜਾਵੇਗਾ…ਜੋ ਹਵਾਈ ਅੱਡੇ ‘ਤੇ ਆਉਣ ਜਾਣ ਵਾਲਿਆਂ ਨੂੰ ਇਹਨਾਂ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਯਾਦ ਕਰਵਾਏਗਾ…
2022 ਵਿਚ ਭਗਤ ਸਿੰਘ ਦੀ 115ਵੀਂ ਜਯੰਤੀ ‘ਤੇ ਹਵਾਈ ਅੱਡੇ ਰੱਖਿਆ ਸੀ ਨਾਂ
ਧਿਆਨਯੋਗ ਹੈ ਕਿ ਦੋ ਸਾਲ ਪਹਿਲਾਂ ਮੋਹਾਲੀ ਦੇ ਜ਼ੀਰਕਪੁਰ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਸੀ। 2022 ਵਿਚ ਭਗਤ ਸਿੰਘ ਦੀ 115ਵੀਂ ਜਯੰਤੀ ‘ਤੇ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ ਸੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਵਿਸ਼ੇਸ਼ ਮੌਕੇ ‘ਤੇ ਪਹੁੰਚੀ ਸੀ, ਉਨ੍ਹਾਂ ਨੇ ਹਵਾਈ ਅੱਡੇ ਦੇ ਨਾਮਕਰਨ ਦਾ ਰਸਮੀ ਉਦਘਾਟਨ ਕੀਤਾ ਸੀ।
ਸੂਬਾ ਸਰਕਾਰ ਇਸ ਧਰਤੀ ਦੇ ਮਹਾਨ ਪੁੱਤਰ ਨੂੰ ਸ਼ਰਧਾਂਜਲੀ ਭੇਂਟ ਕਰੇਗੀ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਬੁੱਤ ਰਾਹੀਂ ਸੂਬਾ ਸਰਕਾਰ ਇਸ ਧਰਤੀ ਦੇ ਮਹਾਨ ਪੁੱਤਰ ਨੂੰ ਸ਼ਰਧਾਂਜਲੀ ਭੇਂਟ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਹੀ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਹ ਬੁੱਤ ਇਸ ਹਵਾਈ ਅੱਡੇ ਤੋਂ ਦੇਸ਼-ਵਿਦੇਸ਼ ਦੀ ਯਾਤਰਾ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦ ਦੀ ਮਹਾਨ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।