ਅੰਮ੍ਰਿਤਸਰ ‘ਚ ਅਣਅਧਿਕਾਰਤ ਕਾਲੋਨੀਆਂ ਖਿਲਾਫ ਕਾਰਵਾਈ
ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ) ਨੇ ਅੰਮ੍ਰਿਤਸਰ ਵਿੱਚ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਨ੍ਹਾਂ ਕਲੋਨੀਆਂ ਵਿੱਚ ਚੱਲ ਰਹੇ ਕੰਮ ਨੂੰ ਰੋਕ ਦਿੱਤਾ ਗਿਆ। ਇੰਨਾ ਹੀ ਨਹੀਂ, ਕੀਤੇ ਗਏ ਕੰਮ ਨੂੰ ਵੀ ਢਾਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਣੂਪੁਰ ਅਤੇ ਗੋਸਾਬਾਦ, ਰਾਮਤੀਰਥ ਰੋਡ ਵਿਖੇ ਕੀਤੀ ਗਈ ਹੈ।
ਅਣ-ਅਧਿਕਾਰਤ ਕਲੋਨੀ ਨੂੰ ਵੱਖ-ਵੱਖ ਸਮੇਂ ਨੋਟਿਸ ਜਾਰੀ
ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਔਲਖ ਨੇ ਦੱਸਿਆ ਕਿ ਪਿੰਡ ਗੋਸਾਬਾਦ ਵਿੱਚ ਵਿਕਸਤ ਅਣ-ਅਧਿਕਾਰਤ ਕਲੋਨੀ ਨੂੰ ਵੱਖ-ਵੱਖ ਸਮੇਂ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਕੰਮ ਰੋਕ ਕੇ ਢਾਹੁਣ ਦੀ ਕਾਰਵਾਈ ਵੀ ਕੀਤੀ ਗਈ ਸੀ। ਇਨ੍ਹਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰ ਕਲੋਨੀਆਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਬਣਾਏ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।
ਪਰ ਇਨ੍ਹਾਂ ਅਣਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸ ਦੀ ਪ੍ਰਵਾਹ ਨਾ ਕਰਦਿਆਂ ਸਰਕਾਰੀ ਨਿਯਮਾਂ ਦੀ ਉਲੰਘਣਾ ਕੀਤੀ। ਜਿਸ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਕਲੋਨੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਐਸਐਸਪੀ ਦਿਹਾਤੀ ਨੂੰ ਐਫਆਈਆਰ ਦਰਜ ਕਰਨ ਲਈ ਲਿਖਿਆ
ਗੁਰਸੇਵਕ ਸਿੰਘ ਨੇ ਦੱਸਿਆ ਕਿ ਐਫਆਈਆਰ ਲਈ ਐਸਐਸਪੀ ਦਿਹਾਤੀ ਅੰਮ੍ਰਿਤਸਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੁਬਾਰਾ ਇਸ ਕਲੋਨੀ ਦਾ ਮੁਆਇਨਾ ਕਰਨ ’ਤੇ ਪਤਾ ਲੱਗਾ ਕਿ ਕਲੋਨਾਈਜ਼ਰ ਵੱਲੋਂ ਇਸ ਕਲੋਨੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਜਿਸ ਅਨੁਸਾਰ ਕਾਨੂੰਨੀ ਕਾਰਵਾਈ ਕਰਨ ਲਈ ਮੁੱਖ ਥਾਣਾ ਅਫਸਰ ਕੰਬੋਰ ਨਾਲ ਫੋਨ ‘ਤੇ ਸੰਪਰਕ ਕੀਤਾ ਗਿਆ। ਇਸ ਕਲੋਨੀ ਸਬੰਧੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਣਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਨੂੰ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।
ਘਣੂਪੁਰ ਅਤੇ ਰਾਮਤੀਰਥ ਰੋਡ ’ਤੇ ਵੀ ਕੀਤੀ ਗਈ ਕਾਰਵਾਈ
ਕਾਲਾ ਘਣਪੁਰ, ਰਾਮਤੀਰਥ ਰੋਡ ‘ਤੇ ਸਥਿਤ ਅਣ-ਅਧਿਕਾਰਤ ਕਲੋਨੀ ਦੀ ਵਾਰ-ਵਾਰ ਮੌਕੇ ਦੀ ਜਾਂਚ ਕਰਨ ਤੋਂ ਬਾਅਦ ਅੱਜ ਇਸ ਕਲੋਨੀ ਵਿੱਚ ਚੱਲ ਰਹੇ ਕੰਮ ਨੂੰ ਰੋਕਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮੁੱਖ ਥਾਣਾ ਅਫ਼ਸਰ ਛੇਹਰਟਾ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਗੁਰਸੇਵਕ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁੱਡਾ ਵਿਭਾਗ ਵੱਲੋਂ ਮਨਜ਼ੂਰ ਨਾ ਹੋਣ ਵਾਲੀਆਂ ਨਾਜਾਇਜ਼ ਕਲੋਨੀਆਂ ਵਿੱਚ ਪਲਾਟ ਨਾ ਲੈਣ।