ਪੰਜਾਬ ਪੁਲਿਸ ਗੰਨ ਕਲਚਰ ‘ਤੇ ਨੱਥ ਪਾਉਣ ਲਈ ਲਗਾਤਾਰ ਐਕਸ਼ਨ ਲੈ ਰਹੀ ਹੈ। ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਪੰਜਾਬ ਦੇ ਅੰਮ੍ਰਿਤਸਰ ‘ਚ ਇਕ 10 ਸਾਲ ਦੇ ਬੱਚੇ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ। 10 ਸਾਲਾ ਬੱਚੇ ਸਮੇਤ 4 ਲੋਕਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਸਾਬਕਾ ਉਪ ਮੁੱਖ ਮੰਤਰੀ OP Soni ਤਲਬ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਪਿੰਡ ਚਵਿੰਡਾ ਦੇਵੀ ਦੇ ਇਕ ਲਾਇਸੰਸੀ ਧਾਰਕ ਉੱਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਲਾਇਸੰਸੀ ਧਾਰਕ ਨੇ 2015 ਵਿੱਚ ਆਪਣੇ ਬੱਚੇ ਦੀ ਰਾਈਫਲ ਨਾਲ ਤਸਵੀਰ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਸੀ ਹੁਣ 7 ਸਾਲ ਬਾਅਦ ਪੁਲਿਸ ਨੇ 23 ਨਵੰਬਰ 2022 ਨੂੰ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਦਿੱਤਾ ਹੈ। ਥਾਣਾ ਕੱਥੂਨੰਗਲ ਵਿੱਚ ਬੱਚੇ ਅਤੇ ਉਸ ਦੇ ਪਿਤਾ ਭੁਪਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਹਥਿਆਰਾਂ ਨੂੰ ਸ਼ਰੇਆਮ ਦਿਖਾਉਣ ਅਤੇ ਸ਼ੋਸ਼ਲ ਮੀਡੀਆ ‘ਤੇ ਫੋਟੋ ਅਪਲੋਡ ਕਰਨ ਵਾਲਿਆਂ ਵਿਰੁੱਧ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਸ ਦੇ ਚਲਦਿਆਂ ਪੰਜਾਬ ਪੁਲਿਸ ਨੇ ਫੇਸਬੁੱਕ, ਇਸਟਾਗਰਾਮ ਤੇ ਹੋਰ ਸੋਸ਼ਲ ਸਾਈਟਾਂ ਤੇ ਹਥਿਆਰਾਂ ਸਮੇਤ ਫੋਟੋਆਂ ਅਪਲੋਡ ਕਰਨ ਵਾਲਿਆਂ ਵਿਰੁੱਧ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ।