ਪੰਜਾਬੀ ਅਦਾਕਾਰਾ ਅਤੇ ਮਾਡਲ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਦੇਰ ਰਾਤ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਦੋਸ਼ੀ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਦੀਵਾਲੀ ਤੋਂ ਪਹਿਲਾਂ ਹੱਤਿਆ ਕਰਨ ਦੀ ਗੱਲ ਕਹੀ ਹੈ। ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ‘ਤੇ ਜੰਡਿਆਲਾ ਗੁਰੂ ਖੇਤਰ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਫਾਇਰਿੰਗ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਸੀ।
ਸੰਤੋਖ ਗਿੱਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਆਪਣੀ ਕਾਰ ਵਿਚ ਸਵਾਰ ਹੋ ਕੇ ਤਰਨਤਾਰਨ ਜਾ ਰਹੇ ਸਨ। ਇਸ ਵਿਚਾਲੇ ਉਨ੍ਹਾਂ ਦੇ ਮੋਬਾਈਲ ‘ਤੇ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ। ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਜਾਨ ਤੋਂ ਮਾਰ ਦੇਵੇਗਾ।ਇਸਦੇ ਨਾਲ ਹੀ ਕਾਲ ਕਰਨ ਵਾਲੇ ਨੇ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਗੋਲੀ ਨਾਲ ਨਹੀਂ ਸਗੋਂ ਟੁਕੜੇ-ਟੁਕੜੇ ਕਰਕੇ ਮਾਰੇਗਾ।
ਦੂਜੇ ਪਾਸੇ SSP ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਸਬੰਧਤ ਸਬੂਤ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।