ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨੀ ਹੋਣ ਕਰ ਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚੋਂ ਗ੍ਰਿਫ਼ਤਾਰ ਕਰਨ ਤੇ ਉਸ ਦੀ ਕਿਰਪਾਨ ਉਤਾਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ, ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ। ਸਿੱਖ ਰਹਿਤ ਮਰਿਆਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ, ਕਕਾਰਾਂ ਨੂੰ ਹਮੇਸ਼ਾ ਆਪਣੇ ਅੰਗ ਸੰਗ ਰੱਖਦਾ ਹੈ।
ਇਹ ਵੀ ਪੜ੍ਹੋ: ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਰ ਕੇ ਜ਼ਲੀਲ ਕਰਨਾ ਸਿੱਖਾਂ ਦੇ ਧਾਰਮਿਕ ਹੱਕਾਂ ਦੀ ਉਲੰਘਣਾ ਹੈ। ਅਮਰੀਕਾ ਸਰਕਾਰ ਨੂੰ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈ ਸ਼ੰਕਰ ਅਤੇ ਅਮਰੀਕਾ ਵਿਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ ‘ਚ ਸਿੱਖਾਂ ਦੀਆਂ ਭਵਨਾਵਾਂ ਨੂੰ ਕੋਈ ਠੇਸ ਨਾ ਪਹੁੰਚੇ।