ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।
ਲੁਧਿਆਣਾ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਮਿਤ ਵਰਸ਼ਾ ਰਾਮਪਾਲ ਅਤੇ ਕਾਲਾ ਗੌਤਮ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਦੇ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਸਾਬਕਾ ਕਾਂਗਰਸੀ ਕੌਂਸਲਰ ਸਤਵਿੰਦਰ ਸਿੰਘ ਜਵੱਦੀ ਅਤੇ ਆਜ਼ਾਦ ਸਾਬਕਾ ਕੌਂਸਲਰ ਕਪਿਲ ਕੁਮਾਰ ਸੋਨੂੰ ਵੀ ਪਾਰਟੀ ਵਿੱਚ ਸ਼ਾਮਿਲ ਹੋਏ।
ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਕੱਤਰ ਰੋਮਿਲਾ ਬਾਂਸਲ ਅਤੇ ਫੂਲ ਬਦਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ ਹਨ। ਆਰਟੀਆਈ ਐਕਟਿਵਿਸਟ ਅਤੇ ਆਰਟੀਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਮੱਕੜ ਵੀ ‘ਆਪ’ ਨਾਲ ਜੁੜ ਗਏ।
ਇਹ ਵੀ ਪੜ੍ਹੋ: ਇੱਕ ਵਿਧਾਇਕ, ਇੱਕ ਪੈਨਸ਼ਨ ਮਾਮਲਾ ਪਹੁੰਚਿਆ ਹਾਈਕੋਰਟ, ਪੰਜਾਬ ਸਰਕਾਰ ਨੂੰ ਨੋਟਿਸ ਹੋਇਆ ਜਾਰੀ
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਇਕਪਾਸੜ ਜਿੱਤ ਦਰਜ ਕਰੇਗੀ।
ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਅਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਅਸੀਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ।









