SGPC ਚੋਣਾਂ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਉਮੀਦਵਾਰ

0
199

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ SGPC ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਚੋਣ ਲੜਨ ਦੇ ਆਪਣੇ ਸਟੈਂਡ ’ਤੇ ਕਾਇਮ ਹਨ। ਉਧਰ ਲੰਘੇ ਦਿਨੀਂ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ’ਚ ਭਾਜਪਾ ’ਤੇ ਸਿੱਖ ਕੌਮ ਦੇ ਧਾਰਮਿਕ ਮਸਲਿਆਂ ਵਿੱਚ ਸਿੱਧੇ ਤੌਰ ’ਤੇ ਦਖਲ ਦੇਣ ਅਤੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਨ ਦੇ ਦੋਸ਼ ਲਗਾਏ ਸਨ।

ਇਸ ਦੇ ਨਾਲ ਹੀ ਅਕਾਲੀ ਆਗੂਆਂ ਨੇ ਦੋਸ਼ ਲਾਇਆ ਸੀ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਫੋਨ ਕਰਕੇ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਲਈ ਕਿਹਾ ਸੀ। ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਹੋਈ ਗੱਲਬਾਤ ਦਾ ਖੁਲਾਸਾ ਕਰਕੇ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਨੂੰ ਕਸੂਤੀ ਸਥਿਤੀ ’ਚ ਫਸਾ ਦਿੱਤਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਵਰਕਰ ਹਨ ਅਤੇ ਉਨ੍ਹਾਂ ਪਾਰਟੀ ਵੱਲੋਂ ਦਿੱਤੇ ਗਏ ਨੋਟਿਸ ਦਾ ਮੀਡੀਆ ਰਾਹੀਂ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੇ 33 ਸਾਲ ਪੰਜਾਬ ਵਿੱਚ ਰਾਜਨੀਤੀ ਕੀਤੀ ਹੈ, ਜੇਕਰ ਕੱਲ੍ਹ ਨੂੰ ਮੁੜ ਦੋਵੇਂ ਪਾਰਟੀਆਂ ਗੱਠਜੋੜ ਕਰਦੀਆਂ ਹਨ ਤਾਂ ਇਸ ਵਿੱਚ ਕੋਈ ਮਾੜੀ ਗੱਲ ਨਹੀਂ ਹੈ। ਉਹ ਪਾਰਟੀ ਦੇ ਫ਼ੈਸਲੇ ਨਾਲ ਹਨ।

ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲਿਫ਼ਾਫ਼ਾ ਕਲਚਰ ਦਾ ਵਿਰੋਧ ਕਰਦਿਆਂ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਮਗਰੋਂ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣੇ ਫੈਸਲੇ ’ਤੇ ਕਾਇਮ ਹਨ।

LEAVE A REPLY

Please enter your comment!
Please enter your name here