ਅਣਪਛਾਤੇ ਵਿਅਕਤੀ ਨੇ ਖ਼ੁਦ ਨੂੰ ਗੋਲਡੀ ਬਰਾੜ ਦਾ ਭਰਾ ਦੱਸ ਕੇ ਨਗਰ ਕੌਂਸਲ ਪ੍ਰਧਾਨ ਤੋਂ ਮੰਗੇ 50 ਲੱਖ
ਦੇਸ਼ ਭਰ ਵਿੱਚ ਅਪਰਾਧਿਕ ਵਾਰਦਾਤਾਂ ਵੱਧਦੀਆਂ ਹੀ ਜਾ ਰਹੀਆਂ ਹਨ | ਆਏ ਦਿਨ ਕੋਈ ਨਾ ਕੋਈ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਤੋਂ ਇਕ ਅਣਪਛਾਤੇ ਵਿਅਕਤੀ ਵੱਲੋਂ ਖ਼ੁਦ ਨੂੰ ਗੋਲਡੀ ਬਰਾੜ ਦਾ ਭਰਾ ਦੱਸ ਕੇ 50 ਲੱਖ ਦੀ ਫਿਰੌਤੀ ਮੰਗੀ ਗਈ ਸੀ ਜਿਸ ਦੇ ਖ਼ਿਲਾਫ਼ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ |
ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਲਈ ਆਖਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੈੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਨਗਰ ਕੌਂਸਲ ਸ਼੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਧੀਰੋਵਾਲ ਨੇ ਲਿਖਵਾਇਆ ਹੈ ਕਿ ਉਸ ਨੂੰ ਬੀਤੀ 24 ਅਕਤੂਬਰ 2024 ਨੂੰ ਰਾਤ 8 ਵਜੇ ਦੇ ਕਰੀਬ ਇਕ ਨੰਬਰ ਤੋਂ ਕਾਲੀ ਆਈ ਕਿ ਮੈਂ ਗੋਲਡੀ ਬਰਾੜ ਦਾ ਭਰਾ ਬੋਲ ਰਿਹਾ ਹਾਂ ਅਤੇ ਉਸਨੇ ਉਸ ਕੋਲੋਂ 50 ਲੱਖ ਰੁਪਏ ਦੀ ਮੰਗ ਕੀਤੀ ਤੇ ਨਾਲ ਹੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਲਈ ਆਖਿਆ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 27 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਪਰਿਵਾਰ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ
ਉਕਤ ਬਿਆਨਕਰਤਾ ਨੇ ਆਪਣੇ ਬਿਆਨ ਵਿਚ ਅੱਗੇ ਲਿਖਵਾਇਆ ਹੈ ਕਿ ਨਾਂਹ ਕਰਨ ਦੀ ਸੂਰਤ ਵਿਚ ਅਣਪਛਾਤੇ ਵਿਅਕਤੀ ਨੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਪਰੰਤ 28 ਅਕਤੂਬਰ ਨੂੰ ਵੱਖ-ਵੱਖ ਨੰਬਰਾਂ ਤੋਂ ਧਮਕੀਆਂ ਅਤੇ ਫਿਰੌਤੀ ਦੀ ਮੰਗ ਕੀਤੀ। ਐੱਸਆਈ ਮੇਜਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਉਪਰੋਕਤ ਥਾਣੇ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।