ਕਰਜ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਸੰਗਰੂਰ ‘ਚ ਕਿਸਾਨ ਨੇ ਜ਼ਹਿਰ ਖਾ ਕੇ ਦਿੱਤੀ ਜਾਨ
ਸੰਗਰੂਰ ਦੇ ਪਿੰਡ ਨਦਾਮਪੁਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਮੋਟਰ ’ਤੇ ਗਿਆ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ।
ਕਰਜ਼ੇ ਨੇ ਲਈ ਜਾਨ
ਜਦੋਂ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਪਿਤਾ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਿਰ 5 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸ ਕੋਲ ਸਿਰਫ਼ ਦੋ ਏਕੜ ਜ਼ਮੀਨ ਸੀ, ਜਿਸ ਕਾਰਨ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਸੀ। ਉਸ ਨੇ ਦੱਸਿਆ ਕਿ ਉਸ ਦਾ ਝੋਨਾ 10 ਦਿਨਾਂ ਤੋਂ ਮੰਡੀਆਂ ਵਿੱਚ ਪਿਆ ਸੀ ਅਤੇ ਉਸ ਦਾ ਪਿਤਾ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਬਿਜਾਈ ਸਬੰਧੀ ਡੀਏਪੀ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਸੀ।
ਇਹ ਵੀ ਪੜ੍ਹੋ : ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਗ੍ਰਿਫ਼ਤਾਰ
ਆਰਥਿਕ ਤੰਗੀ ਕਾਰਨ ਉਸ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੇ ਸਾਰੇ ਕਰਜ਼ੇ ਮੁਆਫ਼ ਕਰਕੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।
 
			 
		