ਅਸਾਮ ਸਰਕਾਰ ਨੇ ਵਿਦਿਆਰਥੀਆਂ ਲਈ ਇੱਕ ਬਹੁਤ ਹੀ ਵਧੀਆ ਤੇ ਅਨੋਖਾ ਫੈਸਲਾ ਲਿਆ ਹੈ। ਅਸਾਮ ਸਰਕਾਰ ਨੇ ਇਸ ਸਾਲ ਦੀ ਉੱਚ ਸੈਕੰਡਰੀ ਪ੍ਰੀਖਿਆ ਪਾਸ ਕਰਨ ਵਾਲੇ 36,000 ਹੋਣਹਾਰ ਵਿਦਿਆਰਥੀਆਂ ਨੂੰ ਸਕੂਟਰ ਦੇਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਵਿੱਚ ਜ਼ਿਆਦਾਤਰ ਲੜਕੀਆਂ ਹਨ।
ਰਾਜ ਦੇ ਸਿੱਖਿਆ ਮੰਤਰੀ ਰਨੋਜ ਪੇਗੂ ਨੇ ਮੀਡੀਆ ਨੂੰ ਦੱਸਿਆ ਕਿ ਇਸ ਹਫਤੇ ਅਸਾਮ ਕੈਬਨਿਟ ਨੇ 258.9 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਗਰਾਮ ਨੂੰ ਲਾਗੂ ਕਰਨ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 35,800 ਵਿਦਿਆਰਥੀਆਂ ਨੇ ਪਹਿਲੀ ਡਵੀਜ਼ਨ ਨਾਲ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ਵਿੱਚੋਂ 29,748 ਲੜਕੀਆਂ ਅਤੇ 6,052 ਲੜਕਿਆਂ ਨੂੰ ਸਕੂਟਰ ਦਿੱਤੇ ਜਾਣਗੇ। ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਘੱਟੋ-ਘੱਟ 75 ਫ਼ੀਸਦੀ ਅੰਕ ਹਾਸਲ ਕੀਤੇ ਸਨ।
ਉਨ੍ਹਾਂ ਅਨੁਸਾਰ ਇਸ ਤੋਂ ਇਲਾਵਾ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਸਰਕਾਰ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਅਤੇ ਬੀਮੇ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕਰੇਗੀ।
ਇਸਦੇ ਨਾਲ ਹੀ CMO ਨੇ ਕਿਹਾ ਕਿ ਮੰਤਰੀ ਮੰਡਲ ਨੇ ਸੂਬਾਈ ਕਾਲਜਾਂ ਵਿੱਚ ਫਿਕਸ ਤਨਖ਼ਾਹ ‘ਤੇ ਕੰਮ ਕਰਨ ਵਾਲੇ ਸਹਾਇਕ ਪ੍ਰੋਫੈਸਰਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 55,000 ਰੁਪਏ ਕਰਨ ਦਾ ਫੈਸਲਾ ਕੀਤਾ ਹੈ।