ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਭੜਕਾਊ ਬਿਆਨ ਦੇਣ ਦੇ ਦੋਸ਼ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ 4 ਅਗਸਤ ਤੱਕ ਰੋਕ ਲਗਾ ਦਿੱਤੀ ਹੈ। ਇਸ ਤਰ੍ਹਾਂ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਰੋਕ ਜਾਰੀ ਰਹੇਗੀ ਅਤੇ ਮਾਮਲੇ ਦੀ ਸੁਣਵਾਈ 4 ਅਗਸਤ ਨੂੰ ਹੋਵੇਗੀ।
ਹਾਈਕੋਰਟ ‘ਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ‘ਚ ਕੁਝ ਦਸਤਾਵੇਜ਼ ਦਿੱਤੇ, ਜਿਨ੍ਹਾਂ ‘ਚ ਪੰਜਾਬ ਪੁਲਸ ਨੇ ਫੋਟੋਆਂ ਅਤੇ ਵੀਡੀਓਜ਼ ਨੱਥੀ ਕੀਤੀਆਂ ਹਨ। ਇਸ ਵਿੱਚ ਸਰਕਾਰ ਦੀ ਤਰਫੋਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਦੋਂ ਪੰਜਾਬ ਪੁਲਿਸ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਤੋਂ ਲਿਆ ਰਹੀ ਸੀ ਤਾਂ ਪੁਲਿਸ ਨੂੰ ਕਿਵੇਂ ਰੋਕਿਆ ਗਿਆ ਸੀ।। ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ ‘ਤੇ 6 ਜੁਲਾਈ ਤੱਕ ਰੋਕ ਲਗਾ ਦਿੱਤੀ ਸੀ।
ਕੀ ਹੈ ਪੂਰਾ ਮਾਮਲਾ
ਪੁਲਿਸ ਨੇ ਬੱਗਾ ਖਿਲਾਫ ਭੜਕਾਊ ਬਿਆਨ ਦੇਣ, ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਹ ਕੇਸ ਮੋਹਾਲੀ ਸਥਿਤ ‘ਆਪ’ ਆਗੂ ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਪਹਿਲੀ ਅਪਰੈਲ ਨੂੰ ਦਰਜ ਕਰਵਾਈ ਗਈ ਐਫਆਈਆਰ ਮੁਤਾਬਕ ਬੱਗਾ ਨੇ 30 ਮਾਰਚ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਭਾਜਪਾ ਦੇ ਯੁਵਾ ਮੋਰਚਾ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਸੀ ਅਤੇ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਬੱਗਾ ਨੂੰ ਪੰਜਾਬ ਪੁਲਿਸ ਨੇ ਉਸ ਦੇ ਦਿੱਲੀ ਵਾਲੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ ਪਰ ਪੰਜਾਬ ਜਾਂਦੇ ਸਮੇਂ ਉਸ ਨੂੰ ਹਰਿਆਣਾ ਵਿਚ ਰੋਕ ਲਿਆ ਗਿਆ ਅਤੇ ਕੁਝ ਘੰਟਿਆਂ ਬਾਅਦ ਦਿੱਲੀ ਪੁਲਿਸ ਉਸ ਨੂੰ ਵਾਪਸ ਰਾਸ਼ਟਰੀ ਰਾਜਧਾਨੀ ਲੈ ਗਈ ਸੀ।