ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਸਕੂਲ 1 ਮਹੀਨੇ ਰਹਿਣਗੇ ਬੰਦ

0
44

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਂਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ।

LEAVE A REPLY

Please enter your comment!
Please enter your name here