ਪੰਜਾਬ ‘ਚ ਬ੍ਰੈਸਟ ਕੈਂਸਰ ਦੀ ਜਾਂਚ ਹੋਵੇਗੀ ਮੁਫ਼ਤ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਸੂਬਾ

0
24

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੰਗਲਵਾਰ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਛਾਤੀ ਦੇ ਕੈਂਸਰ ਦੀ ਜਲਦੀ ਪਛਾਣ ਕਰਨ ਲਈ ਸਥਾਪਤ ਥਰਮਲ ਸਕ੍ਰੀਨਿੰਗ ਯੰਤਰ ਦਾ ਉਦਘਾਟਨ ਕੀਤਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਹੁਣ ਇਹ ਸਹੂਲਤ ਮੁਫਤ ਮਿਲੇਗੀ।

ਸਿਹਤ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਇਸ ਡਿਵਾਈਸ ਰਾਹੀਂ ਛਾਤੀ ਦੇ ਕੈਂਸਰ ਦੀ ਮੁੱਢਲੀ ਜਾਂਚ ਬਿਨਾਂ ਕਿਸੇ ਛੂਹ, ਦਰਦ ਅਤੇ ਰੇਡੀਏਸ਼ਨ ਦੇ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਸੂਬੇ ਵਿੱਚ ਹੋਮਿਓਪੈਥਿਕ ਅਤੇ ਆਯੁਰਵੈਦਿਕ ਦਵਾਈ ਕਲੀਨਿਕ ਵੀ ਖੋਲ੍ਹੇ ਜਾਣਗੇ।

ਪੰਜਾਬ ਵਿੱਚ ਔਰਤਾਂ ਵਿੱਚ ਛਾਤੀ ਦਾ ਕੈਂਸਰ ਇੱਕ ਗੰਭੀਰ ਬਿਮਾਰੀ ਹੈ। ਇਹ ਹਰ ਸਾਲ ਪੰਜ ਫੀਸਦੀ ਦੀ ਦਰ ਨਾਲ ਵਧ ਰਿਹਾ ਹੈ। ਸਾਲ 2021 ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 4446 ਔਰਤਾਂ ਇਸ ਤੋਂ ਪੀੜਤ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ਾਂ ਦੀ ਪਛਾਣ ਤੀਜੇ ਜਾਂ ਚੌਥੇ ਪੜਾਅ ‘ਤੇ ਕੀਤੀ ਜਾਂਦੀ ਹੈ। ਇਸ ਦਾ ਵੱਡਾ ਕਾਰਨ ਇਸ ਬੀਮਾਰੀ ਦੇ ਲੱਛਣਾਂ ਦੀ ਪਛਾਣ ਅਤੇ ਛਾਤੀ ਦੇ ਕੈਂਸਰ ਦੀ ਜਲਦੀ ਜਾਂਚ ਕਰਵਾਉਣ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਦੀ ਘਾਟ ਹੈ। ਜੇ ਸਮੇਂ ਸਿਰ ਛਾਤੀ ਦੇ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਸੌਖਾ ਹੋ ਜਾਂਦਾ ਹੈ।

ਪੰਜਾਬ ਸਰਕਾਰ, ਨਿਰਾਮਯ ਅਤੇ ਰੋਸ਼ ਇੰਡੀਆ ਦੇ ਸਹਿਯੋਗ ਨਾਲ ਇੱਕ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪੰਜਾਬ ਵਿੱਚ 30 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਇਹ ਟੈਸਟ ਮੰਗਲਵਾਰ ਨੂੰ ਸਮਾਣਾ ਦੇ ਸਿਵਲ ਹਸਪਤਾਲ ਵਿਖੇ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : SYL ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਹੋਵੇਗੀ ਅਹਿਮ…

ਇਹ ਟੈਸਟ ਬ੍ਰੈਸਟ ਕੈਂਸਰ ਦੇ ਹੋਰ ਜਾਂਚ ਮੈਮੋਗ੍ਰਾਫੀ ਵਾਂਗ ਹੈ, ਜਿਸ ਦੀ ਕੀਮਤ ਕਰੀਬ 2000 ਰੁਪਏ ਹੈ ਪਰ ਸਰਕਾਰ ਵੱਲੋਂ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬ੍ਰੈਸਟ ਕੈਂਸਰ ਦੀ ਸ਼ੁਰੂਆਤੀ ਜਾਂਚ ਮੁਫ਼ਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਸਿਹਤ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਅਜਿਹੀ ਤਕਨੀਕ ਨੂੰ ਮੋਬਾਈਲ ਵੈਨ ਰਾਹੀਂ ਹਰ ਪਿੰਡ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ। ਸਿਵਲ ਹਸਪਤਾਲ ਸਮਾਣਾ ਵਿੱਚ ਦੋ ਡਾਇਲਸਿਸ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ, ਜੋ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ। ਜਲਦੀ ਹੀ ਅਲਟਰਾਸਾਊਂਡ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਦੇ ਨਾਲ ਹੀ ਸਟਾਫ ਦੀ ਕਮੀ ਨੂੰ ਵੀ ਦੂਰ ਕੀਤਾ ਜਾਵੇਗਾ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਾਇਕ ਡਾਇਰੈਕਟਰ ਕਮ ਨੋਡਲ ਅਫ਼ਸਰ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹੇ ਕਵਰ ਕੀਤੇ ਜਾਣਗੇ। ਇਸ ਪ੍ਰਾਜੈਕਟ ਤਹਿਤ ਪੈਰਾ ਮੈਡੀਕਲ ਸਟਾਫ਼ ਨੂੰ ਸਿਖਲਾਈ ਦੇ ਕੇ ਅਤੇ ਸਰਵੇਖਣ ਕਰਕੇ ਬ੍ਰੈਸਟ ਕੈਂਸਰ ਦੇ ਲੱਛਣ ਵਾਲੀਆਂ ਸ਼ੱਕੀ ਔਰਤਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਵੱਖ-ਵੱਖ ਬਲਾਕਾਂ ਦਾ ਦੌਰਾ ਕਰਕੇ ਟੀਮ ਇਸ ਡਿਵਾਈਸ ਦੀ ਮਦਦ ਨਾਲ ਔਰਤਾਂ ਦੀ ਜਾਂਚ ਕਰੇਗੀ।

LEAVE A REPLY

Please enter your comment!
Please enter your name here