
ਚੰਡੀਗੜ੍ਹ ਨਗਰ ਨਿਗਮ ਮੁਲਾਜ਼ਮਾਂ ਦਾ ਪ੍ਰਦਰਸ਼ਨ, ਦੀਵਾਲੀ ਤੋਂ ਪਹਿਲਾਂ ਤਨਖਾਹ ਤੇ ਬੋਨਸ ਦੀ ਮੰਗ
ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨੇ ਸੋਮਵਾਰ ਨੂੰ ਸੈਕਟਰ-17 ਸਥਿਤ ਨਗਰ ਨਿਗਮ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਗਰ ਨਿਗਮ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਸ਼ਾਸਨ ’ਤੇ ਵਾਅਦੇ ਤੋੜਨ ਦੇ ਦੋਸ਼ ਲਾਏ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਦੀਆਂ ਬਕਾਇਆ ਤਨਖਾਹਾਂ ਅਤੇ ਬੋਨਸ ਦੀਵਾਲੀ ਤੋਂ ਪਹਿਲਾਂ ਅਦਾ ਕੀਤੇ ਜਾਣ। ਇਸ ਤੋਂ ਇਲਾਵਾ ਐਮਯੂ ਅਧੀਨ ਪਖਾਨਿਆਂ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਡੀਸੀ ਰੇਟਾਂ ਅਨੁਸਾਰ ਤਨਖਾਹ ਦੇਣ ਦੀ ਮੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ- ਦਿੱਗਜ ਟੈਨਿਸ ਖਿਡਾਰੀ ਰਾਫੇਲ ਨਡਾਲ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਪ੍ਰਦਰਸ਼ਨ ਦੌਰਾਨ ਮੇਅਰ ਕੁਲਦੀਪ ਕੁਮਾਰ ਅਤੇ ਸੰਯੁਕਤ ਕਮਿਸ਼ਨਰ ਜੀਐਸ ਸੋਢੀ ਨੇ ਮੌਕੇ ’ਤੇ ਪਹੁੰਚ ਕੇ ਤਾਲਮੇਲ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਜਲਦੀ ਹੀ ਉੱਚ ਪੱਧਰੀ ਮੀਟਿੰਗ ਬੁਲਾਈ ਜਾਵੇਗੀ। ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮੁਲਾਜ਼ਮਾਂ ਦੀਆਂ ਬਕਾਇਆ ਤਨਖਾਹਾਂ ਦੀਵਾਲੀ ਤੋਂ ਪਹਿਲਾਂ ਅਦਾ ਕਰ ਦਿੱਤੀਆਂ ਜਾਣ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਏ.ਐਮ.ਯੂ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਡੀਸੀ ਰੇਟ ਦੇਣ ਦਾ ਮੁੱਦਾ ਸਦਨ ਦੀ ਅਗਲੀ ਮੀਟਿੰਗ ਵਿੱਚ ਪਾਸ ਕਰ ਦਿੱਤਾ ਜਾਵੇਗਾ।
23 ਅਕਤੂਬਰ ਨੂੰ ਚੰਡੀਗੜ੍ਹ ਸਕੱਤਰੇਤ ਦੇ ਸਾਹਮਣੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਚੇਅਰਮੈਨ ਸੁਰੇਸ਼ ਕੁਮਾਰ, ਜਨਰਲ ਸਕੱਤਰ ਰਾਕੇਸ਼ ਕੁਮਾਰ, ਮੁੱਖ ਸਰਪ੍ਰਸਤ ਅਨਿਲ ਕੁਮਾਰ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਕੁਮਾਰ ਤੇ ਹੋਰ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਮੁਲਾਜ਼ਮਾਂ ਵੱਲੋਂ ਮੇ ਮੰਗਾਂ ਦਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਸੌੜੀ ਸੋਚ ਅਤੇ ਇੱਛਾ ਸ਼ਕਤੀ ਦੀ ਘਾਟ ਕਾਰਨ ਵਰਕਰਾਂ ਨਾਲ ਸਬੰਧਤ ਏਜੰਡੇ ਸਦਨ ਵਿੱਚ ਪਾਸ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ 23 ਅਕਤੂਬਰ ਨੂੰ ਚੰਡੀਗੜ੍ਹ ਸਕੱਤਰੇਤ ਅੱਗੇ ਹੱਥਾਂ ਵਿੱਚ ਪੋਸਟਰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਧਰਨਾਕਾਰੀ ਆਗੂਆਂ ਨੇ ਮੰਗ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਦੀਆਂ ਬਕਾਇਆ ਤਨਖਾਹਾਂ ਅਤੇ ਬੋਨਸ ਦੀਵਾਲੀ ਤੋਂ ਪਹਿਲਾਂ ਦਿੱਤੇ ਜਾਣ। ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ‘ਬਰਾਬਰ ਕੰਮ, ਬਰਾਬਰ ਤਨਖਾਹ’ ਦੇ ਫਾਰਮੂਲੇ ਤਹਿਤ ਤੈਅ ਕੀਤੀ ਜਾਵੇ ਅਤੇ ਉਨ੍ਹਾਂ ਲਈ ਸੁਰੱਖਿਅਤ ਨੀਤੀ ਬਣਾਈ ਜਾਵੇ। ਇਸ ਤੋਂ ਇਲਾਵਾ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਵਾਪਸ ਕੰਮ ‘ਤੇ ਲਿਆ ਜਾਵੇ ਅਤੇ ਡੀ.ਸੀ. ਰੇਟਾਂ ਵਿੱਚ ਪਾਈਆਂ ਤਰੁੱਟੀਆਂ ਦੂਰ ਕੀਤੀਆਂ ਜਾਣ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦਿਹਾੜੀਦਾਰ/ਵਰਕ ਚਾਰਜ ਵਰਕਰਾਂ ਨੂੰ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਜਲਦੀ ਦਿੱਤਾ ਜਾਵੇ, ਸੇਵਾਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਪੈਨਸ਼ਨ ਸਬੰਧੀ ਲਾਭ ਦਿੱਤੇ ਜਾਣ ਅਤੇ ਦਿਹਾੜੀਦਾਰ ਕਾਮਿਆਂ ਨੂੰ ਖਾਲੀ ਅਸਾਮੀਆਂ ‘ਤੇ ਰੈਗੂਲਰ ਕੀਤਾ ਜਾਵੇ।
ਇਸ ਪ੍ਰਦਰਸ਼ਨ ਦੌਰਾਨ ਸੀਵਰੇਜ ਇੰਪਲਾਈਜ਼ ਯੂਨੀਅਨ ਦੇ ਸੁਰੇਸ਼ ਕੁਮਾਰ, ਜੀਐਮਸੀਐਚ ਸੈਕਟਰ 32 ਦੇ ਸੁਖਬੀਰ ਸਿੰਘ, ਦਿ ਵਾਟਰ ਸਪਲਾਈ ਵਰਕਰਜ਼ ਯੂਨੀਅਨ ਦੇ ਰਜਿੰਦਰ ਕੁਮਾਰ, ਇਲੈਕਟ੍ਰੀਕਲ ਵਰਕਰਜ਼ ਯੂਨੀਅਨ ਦੇ ਵਰਿੰਦਰ ਬਿਸ਼ਟ, ਸੀਟੀਯੂ ਕੰਡਕਟਰ ਯੂਨੀਅਨ ਦੇ ਦਵਿੰਦਰ ਸਿੰਘ, ਚੰਡੀਗੜ੍ਹ ਸਫ਼ਾਈ ਕਰਮਚਾਰੀ ਯੂਨੀਅਨ ਦੇ ਵਿਕਰਮ ਤੇ ਹੋਰ ਹਾਜ਼ਰ ਸਨ। ਕਈ ਯੂਨੀਅਨ ਆਗੂਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਪ੍ਰਸ਼ਾਸਨ ਦੇ ਗੈਰ-ਸੰਜੀਦਾ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ।