ਮੁੱਖ ਮੰਤਰੀ ਮਾਨ ਨੇ ਕੀਤਾ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ

0
25
Hospital

ਸੰਗਰੂਰ, 3 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪਿੰਡ ਚੀਮਾ ਵਿਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ ।

ਕਿੰਨੇ ਕਰੋੜ ਦੀ ਲਾਗਤ ਨਾਲ ਬਣਿਆਂ ਹੈ ਹਸਪਤਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ । ਜਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ ।

15 ਪਿੰਡਾਂ ਦੇ ਲਗਭਗ 50 ਹਜਾਰ ਵਾਸੀਆਂ ਨੂੰ ਪਹੁੰਚੇਗਾ ਲਾਭ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ ।

ਮੁੱਖ ਮੰਤਰੀ ਨੇ ਹਸਪਤਾਲਾਂ ਦੀ ਬਦਲਦੀ ਨੁਹਾਰ ਦਾ ਦਿੱਤਾ ਹਵਾਲਾ

ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ । ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ (State Government) ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ । ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ ।

ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਤੇ ਸਮਾਜ ਸੇਵਾ ਵਿਚ ਪਾਇਆ ਵਡਮੁੱਲਾ ਯੋਗਦਾਨ

ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ । ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।

ਹਸਪਤਾਲ ਦੀ ਸਮਰੱਥਾ 30 ਬਿਸਤਰਿਆਂ ਦਾ ਵਧਾ ਦਿੱਤੀ ਗਈ ਹੈ

ਇਸ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਅਸਲ ਵਿੱਚ 1975 ਵਿੱਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਗਈ ਸੀ ।  ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ। ਲਗਪਗ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ ।

ਮੁੱਖ ਮੰਤਰੀ ਨੇ ਗਿਣਵਾਈਆਂ ਹਸਪਤਾਲ ਵਿਚ ਉਪਲਬੱਧ ਡਾਕਟਰੀ ਸੇਵਾਵਾਂ

ਇਸ ਹਸਪਤਾਲ ਵਿੱਚ ਉਪਲਬਧ ਡਾਕਟਰੀ ਸੇਵਾਵਾਂ ਗਿਣਵਾਉਂਦਿਆਂ ਉਨ੍ਹਾਂ ਕਿਹਾ ਕਿ ਈ. ਐਨ. ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ । ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ ।

LEAVE A REPLY

Please enter your comment!
Please enter your name here