ਬਠਿੰਡਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ, ਛੱਡੇ ਅੱਥਰੂ ਗੈਸ ਦੇ ਗੋਲੇ
ਬਠਿੰਡਾ ਦੇ ਪਿੰਡ ਦੁੱਨੇਵਾਲਾ ਤੋਂ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਭਾਰਤਮਾਲਾ ਪ੍ਰਾਜੈਕਟ ਤਹਿਤ ਐਕਵਾਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਐਕੁਆਇਰ ਕੀਤੀ ਜ਼ਮੀਨ ਛੁਡਾਉਣ ਲਈ ਅੱਗੇ ਵਧ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਦਰਅਸਲ, ਬੀਤੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਦੁੱਨੇਵਾਲਾ, ਸ਼ੇਰਗੜ੍ਹ ਅਤੇ ਭਗਵਾਨਗੜ੍ਹ ਦੀ ਕਰੀਬ ਅੱਠ ਕਿਲੋਮੀਟਰ ਜ਼ਮੀਨ ’ਤੇ ਕਬਜ਼ਾ ਕਰ ਲਿਆ ਸੀ।
ਜ਼ਮੀਨ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ
ਦੱਸ ਦਈਏ ਕਿ ਕਿਸਾਨ ਇਸ ਜ਼ਮੀਨ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਜਦੋਂਕਿ ਪ੍ਰਸ਼ਾਸਨ ਵੱਲੋਂ ਉਸ ਨੂੰ 47 ਲੱਖ ਰੁਪਏ ਦਿੱਤੇ ਜਾ ਰਹੇ ਹਨ। ਅੱਜ ਵੱਡੀ ਗਿਣਤੀ ਵਿੱਚ ਕਿਸਾਨ ਇਸ ਜ਼ਮੀਨ ਦਾ ਕਬਜ਼ਾ ਛੁਡਵਾਉਣ ਲਈ ਯਤਨਸ਼ੀਲ ਹਨ। ਉਹ ਪਿੰਡ ਦੁੱਨੇਵਾਲਾ ਪਹੁੰਚ ਗਏ ਹਨ। ਉਨ੍ਹਾਂ ਨੂੰ ਖਿੰਡਾਉਣ ਲਈ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਸਥਿਤੀ ਤਣਾਅਪੂਰਨ ਬਣੀ ਹੋਈ ਹੈ।