CM ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, 45 ਵਿਅਕਤੀ ਕੀਤੇ ਗ੍ਰਿਫ਼ਤਾਰ

0
2094
The first budget of the Punjab government will focus on health education and agriculture

ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਨੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਂਕਿ ਲੋਕ ਇਸ ਦੀ ਵਰਤੋਂ ਭ੍ਰਿਸ਼ਟਾਚਾਰ ਦੀ ਜੜ੍ਹ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।

ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲਿਸ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫ.ਆਈ.ਆਰ. ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦੇ ਇਕ ਪ੍ਰਿੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੋਈ ਹੈ ਅਤੇ ਭ੍ਰਿਸ਼ਟ ਅਫਸਰਾਂ ਅਤੇ ਕਰਮਚਾਰੀਆਂ ਨੂੰ ਬਾਹਰ ਦਾ ਰਾਹ ਵਿਖਾ ਕੇ ਸਮੁੱਚੇ ਸਿਸਟਮ ਨੂੰ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀ, ਕਾਰਗਰ ਅਤੇ ਪਾਰਦਰਸ਼ੀ ਸਰਕਾਰ ਦੇਣ ਲਈ ਸ਼ਾਸਨ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੇ ਮੋਢਿਆਂ ਉਤੇ ਬਹੁਤ ਵੱਡੀ ਜ਼ਿੰਮੇਵਾਰੀ ਪਾਈ ਹੈ, ਜਿਸ ਕਰ ਕੇ ਪਾਰਦਰਸ਼ੀ ਅਤੇ ਜੁਆਬਦੇਹ ਪ੍ਰਸ਼ਾਸਨ ਦੇ ਕੇ ਲੋਕਾਂ ਦੀਆਂ ਉਮੀਦਾਂ ਉਤੇ ਖਰ੍ਹਾ ਉਤਰਨਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਮਿਸਾਲ ਕਾਰਵਾਈ ਇਹ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਜੰਗ ਉਸ ਵੇਲੇ ਹੀ ਖ਼ਤਮ ਹੋਵੇਗੀ, ਜਦੋਂ ਸੂਬੇ ਵਿੱਚੋਂ ਇਸ ਦਾ ਮੁਕੰਮਲ ਤੌਰ ਉਤੇ ਸਫਾਇਆ ਹੋ ਜਾਵੇਗਾ ਪਰ ਇਸ ਲਈ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਵਧ-ਚੜ੍ਹ ਕੇ ਸੂਬਾ ਸਰਕਾਰ ਦਾ ਸਹਿਯੋਗ ਕਰਨ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here