ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਅੱਜ ਨਵ-ਨਿਯੁਕਤ ਭਰਤੀ ਹੋਏ ਪੰਜਾਬ ਪੁਲਿਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਵੰਡਣ ਸਮੇਂ ਨਵੀਂ ਭਰਤੀ ਹੋਈ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪੰਜਾਬ ਪੁਲਸ ਦੇ ਕਈ ਵੱਡੇ ਅਫ਼ਸਰ ਅਤੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਵਲੋਂ ਬਹੁਤ ਜਲਦੀ ਪੰਜਾਬ ਪੁਲਿਸ ਦੇ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਅੱਜ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਸ ਦੇ ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਪੰਜਾਬ ਪੁਲਸ ਦੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ’ਚ ਭਰਤੀ ਜਿਹੜੇ ਵੀ ਅਧਿਕਾਰੀ ਜਾਂ ਮੁਲਾਜ਼ਮ ਦਾ ਜਨਮ ਦਿਨ ਹੋਵੇਗਾ, ਉਸ ਨੂੰ ਵਧਾਈ ਦੇਣ ਦੀ ਵੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਜਨਮ ਦਿਨ ਵਾਲੇ ਦਿਨ ਪੁਲਸ ਮੁਲਾਜ਼ਮ ਦੇ ਘਰ ਇਕ ਕਾਰਡ ਜਾਵੇਗਾ, ਜਿਸ ’ਚ ਜਨਮ ਦਿਨ ਦੀ ਵਧਾਈ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਚਿੰਤਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਸਭ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ। ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਾਲੇ ਵਾਅਦੇ ਉੱਤੇ ਪੂਰੀ ਤਰ੍ਹਾਂ ਵਚਨਬੱਧ ਹੈ।