ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੀਐਸਪੀਸੀਐਲ ਦੇ ਭਰਤੀ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਮਾਨ ਨੇ ਕੁੱਲ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ 603 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜੋ ਕਿ ਆਪਣੇ ਪਰਿਵਾਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪਰਿਵਾਰ ਦਾ ਵੀ ਇਕ ਹਿੱਸਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ‘ਚ ਝੋਨੇ ਦੇਸੀਜ਼ਨ ਦੌਰਾਨ ਬਿਜਲੀ ਨੂੰ ਲੈ ਕੇ ਕੋਈ ਪਰੇਸ਼ਾਨੀ ਨਹੀਂ ਆਈ, ਜੋ ਕਿ ਪੰਜਾਬ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ ਬਿਜਲੀ ਦੀ ਕੋਈ ਪਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਟਾਟਾ ਸਟੀਲ ਦਾ ਪਲਾਂਟ ਲੱਗਣ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੇ ਵੀ ਸਰਕਾਰੀ ਅਦਾਰੇ ਹਨ, ਉਨ੍ਹਾਂ ‘ਤੇ ਸੋਲਰ ਲਾਏ ਜਾਣਗੇ ਅਤੇ ਰਹਿੰਦਾ ਬਿੱਲ ਉਨ੍ਹਾਂ ਨੂੰ ਭਰਨ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਜ਼ਾਰਾਂ ਨੌਕਰੀਆਂ ਦਿੱਤੀਆਂ ਗਈਆਂ ਹਨ, ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੁਣ ਨੌਕਰੀਆਂ ‘ਚ ਕਿਸੇ ਤਰ੍ਹਾਂ ਦੀ ਕੋਈ ਸਿਫ਼ਾਰਿਸ਼ ਨਹੀਂ ਚੱਲਦੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਇਸ ਵਾਰ 86 ਫ਼ੀਸਦੀ ਬਿੱਲ ਜ਼ੀਰੋ ਆਏ ਹਨ ਅਤੇ ਅਗਲੀ ਵਾਰ 95 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ।