ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਐਲਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਕਿਹਾ ਕਿ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ਉਤੇ ਇਹ ਸਕੀਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤਹਿਤ ਹਰ ਸਾਲ ਸੀਨੀਅਰ ਨੈਸ਼ਨਲ ਵਿੱਚ ਤਮਗੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਸਾਲ ਲਈ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਸਾਲ ਲਈ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤੇ ਜਾਣਗੇ। ਖਿਡਾਰੀ ਨੇ ਸੋਨੇ, ਚਾਂਦੀ ਤੇ ਕਾਂਸੀ ਦਾ ਕੋਈ ਵੀ ਤਮਗਾ ਜਿੱਤਿਆ ਹੋਵੇ, ਉਸ ਨੂੰ ਇਹ ਰਾਸ਼ੀ ਇਕ ਸਾਲ ਲਈ ਪ੍ਰਤੀ ਮਹੀਨਾ ਮਿਲੇਗੀ। ਇਸ ਸਕੀਮ ਲਈ ਖੇਡ ਵਿਭਾਗ ਵੱਲੋਂ ਸਾਲਾਨਾ 12.50 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here