ਸੁਖਨਾ ਝੀਲ ‘ਚੋਂ ਅੱਜ ਇੱਕ ਬੱਚੇ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਤੱਕ ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ, ਉਸ ਦੀ ਉਮਰ 6-7 ਸਾਲ ਦੇ ਕਰੀਬ ਦੱਸੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਪੁਲਿਸ ਨੂੂੰ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਬੱਚੇ ਦੇ ਸਰੀਰ ’ਤੇ ਕੋਈ ਕੱਪੜਾ ਨਹੀਂ ਸੀ ਅਤੇ ਨਾ ਹੀ ਉਸ ਦੇ ਸਰੀਰ ’ਤੇ ਸੱਟ ਵੱਜਣ ਦੇ ਕੋਈ ਨਿਸ਼ਾਨ ਸੀ। ਪੁਲਿਸ ਨੇ ਮੁੱਢਲੀ ਜਾਂਚ ਵਿੱਚ ਬੱਚਿਆ ਦੇ ਲਾਪਤਾ ਹੋਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸੁਖਨਾ ਝੀਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਵੀ ਖੰਘਾਲ ਰਹੀ ਹੈ।
ਦੱਸਣਯੋਗ ਹੈ ਕਿ ਸੁਖਨਾ ਝੀਲ ’ਤੇ 5 ਦਿਨਾਂ ਵਿੱਚ ਇਹ ਤੀਜੀ ਘਟਨਾ ਵਾਪਰੀ ਹੈ। ਇਸ ਤੋਂ ਪਹਿਲਾਂ ਇੱਥੇ 28 ਅਕਤੂਬਰ ਨੂੰ 21 ਸਾਲਾਂ ਲੜਕੀ ਦੀ ਲਾਸ਼ ਬਰਾਮਦ ਹੋਈ ਸੀ ਜਿਸ ਨੂੰ ਉਸ ਦੇ ਪ੍ਰੇਮੀ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 30 ਅਕਤੂਬਰ ਨੂੰ ਬੀ ਕਾਮ ਦੇ ਵਿਦਿਆਰਥੀ ਵੱਲੋਂ ਸੁਖਨਾ ਝੀਲ ’ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਝੀਲ ’ਤੇ ਸੈਰ ਕਰ ਰਹੇ ਲੋਕਾਂ ਨੇ ਵਿਦਿਆਰਥੀ ਨੂੰ ਬਚਾ ਲਿਆ।









