ਡੇਰਾਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ: ਬੇਅਦਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਸਰਕਾਰ ਨੇ ਦਿੱਤੀ ਮਨਜ਼ੂਰੀ || Punjab News

0
15

ਡੇਰਾਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ: ਬੇਅਦਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਸਰਕਾਰ ਨੇ ਦਿੱਤੀ ਮਨਜ਼ੂਰੀ

ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਸੁਪਰੀਮ ਕੋਰਟ ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਮਾਮਲਾ 9 ਸਾਲ ਪੁਰਾਣਾ ਹੈ

ਇਹ ਸਾਰੀ ਘਟਨਾ ਜੂਨ 2015 ਵਿੱਚ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੋਂ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਸਤੰਬਰ ਵਿੱਚ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਪਵਿੱਤਰ ਗ੍ਰੰਥ ਵਿਰੁੱਧ ਹੱਥੀਂ ਖਿੱਚੇ ਗਏ ਅਪਮਾਨਜਨਕ ਪੋਸਟਰ ਲਗਾਏ ਗਏ ਸਨ। ਉਸੇ ਸਾਲ ਅਕਤੂਬਰ ਵਿੱਚ, ਬਰਗਾੜੀ ਵਿੱਚ ਇੱਕ ਗੁਰਦੁਆਰੇ ਨੇੜੇ ਪਵਿੱਤਰ ਗ੍ਰੰਥ ਦੇ ਕਈ ਫਟੇ ਹੋਏ ਹਿੱਸੇ (ਪੰਨੇ) ਖਿੱਲਰੇ ਹੋਏ ਮਿਲੇ ਸਨ।

ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਹੋਏ

ਬਾਅਦ ਵਿੱਚ ਹਾਲਾਤ ਅਜਿਹੇ ਬਣ ਗਏ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਹੋਏ। ਸੂਬਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਦੋ ਅੰਦੋਲਨਕਾਰੀ ਮਾਰੇ ਗਏ। ਇਸ ਸਮੇਂ ਦੌਰਾਨ ਪੰਜਾਬ ਵਿੱਚ ਸਮਾਜਿਕ ਅਤੇ ਸਿਆਸੀ ਬੇਚੈਨੀ ਹੋਰ ਵਧ ਗਈ।

ਕੁੱਲ 12 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ

ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਕੁੱਲ 12 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਪਿਛਲੀ ਗਠਜੋੜ ਸਰਕਾਰ ਨੇ ਨਵੰਬਰ ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

 

LEAVE A REPLY

Please enter your comment!
Please enter your name here