ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀ ਪਿਛਲੇ ਦੋ ਹਫ਼ਤਿਆਂ ਤੋਂ ਭੁੱਖ ਹੜਤਾਲ ’ਤੇ ਹਨ। ਜੇਲ੍ਹ ਵਿੱਚ ਖਾਣਾ-ਪਾਣੀ ਛੱਡਣ ਕਾਰਨ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਦੀ ਸਿਹਤ ਵਿਗੜ ਗਈ ਹੈ। ਜਿਨ੍ਹਾਂ ਨੂੰ ਹੁਣ ਆਸਾਮ ਦੇ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਅੰਮ੍ਰਿਤਪਾਲ ਅਤੇ ਉਸਦੇ ਸਾਥੀ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ।
“ਵਾਰਿਸ ਪੰਜਾਬ ਦੇ” ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਹਿਰਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਰੇ 9 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ ਹਨ। ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਗੁਰਮੀਤ ਸਿੰਘ ਬੁੱਕਰਵਾਲਾ ਅਤੇ ਕੁਲਵੰਤ ਸਿੰਘ ਰਾਉਕੇ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਕੁਲਵੰਤ ਰਾਓਕੇ ਮਿਰਗੀ ਦੇ ਦੌਰੇ ਤੋਂ ਪੀੜਤ ਹਨ।