ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28 ਦਸੰਬਰ , 2022 ਤੱਕ ਸ੍ਰੀ ਫਤਿਹਗੜ ਸਾਹਿਬ ਜੀ ਵਿਖੇ ਹੋਵੇਗਾ।
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਫਤਿਹਗੜ ਸਾਹਿਬ ਰਵਜੋਤ ਕੌਰ ਗਰੇਵਾਲ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਕ ਆਧੁਨਿਕ ਕਮਾਂਡ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ।
ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।