ਅੰਮ੍ਰਿਤਸਰ ‘ਚ ਘਿਨੌਣੀ ਘਟਨਾ, ਰੈਜ਼ੀਡੈਂਟ ਡਾਕਟਰ ਨਾਲ ਹੋਈ ਛੇੜਛਾੜ
ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।
ਦੋ ਨੌਜਵਾਨਾਂ ਵੱਲੋਂ ਕੀਤੀ ਗਈ ਛੇੜਛਾੜ
ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੀ ਗਈ ਹੈ | ਦਰਅਸਲ, ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ | ਜਿਸ ਤੋਂ ਬਾਅਦ ਰੈਜ਼ੀਡੈਂਟ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ।
ਪੁਲਿਸ ਨੂੰ ਦਿੱਤੀ ਸ਼ਿਕਾਇਤ
ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਦੇਰ ਰਾਤ ਕੇਸ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਸ ਨੇੜੇ ਲੱਗੇ ਸਾਰੇ ਸੀਸੀਟੀਵੀ ਸਕੈਨ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿੱਚ ਵੱਧਦਾ ਅਪਰਾਧ, ਦਿਨ -ਦਿਹਾੜੇ ਫ਼ਿਰੋਜ਼ਪੁਰ ‘ਚ ਭਰਾ-ਭੈਣ ਸਣੇ 3 ਦਾ ਗੋਲੀਆਂ ਮਾਰ ਕੇ ਕਤਲ
ਧਿਆਨਯੋਗ ਹੈ ਕਿ ਕਲਕੱਤਾ ਰੇਪ ਕਤਲਕਾਂਡ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 6 ਘੰਟਿਆਂ ਦੇ ਅੰਦਰ ਪੁਲਿਸ ਕੇਸ ਦਰਜ ਕਰੇ।