ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਨੂੰ 9192 ਰੁਪਏ ਤੋਂ ਵਧਾ ਕੇ 9907 ਰੁਪਏ ਕਰ ਦਿੱਤਾ ਹੈ, ਜਦੋਂਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤ 9972 ਰੁਪਏ ਤੋਂ ਵਧਾ ਕੇ 10,687 ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਕਾਮਿਆਂ ਦੀ ਉਜਰਤ 10,869 ਰੁਪਏ ਤੋਂ ਵਧਾ ਕੇ 11,584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤ 11,901 ਰੁਪਏ ਤੋਂ ਵਧਾ ਕੇ 12,616 ਰੁਪਏ ਕਰ ਦਿੱਤੀ ਹੈ।
CM ਮਾਨ ਨੇ ਬੋਰਡ ਦੀ ਕਾਰਜਪ੍ਰਣਾਲੀ ਨੂੰ ਸਮਾਰਟ ਬਣਾਉਣ ਲਈ ‘ਪੰਜਾਬ ਕਿਰਤੀ ਸਹਾਇਕ ਐਪ’ ਵੀ ਲਾਂਚ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਤੇ ਅੰਗਰੇਜ਼ੀ ਵਿੱਚ ਉਪਲੱਬਧ ਇਸ ਐਪ ਰਾਹੀਂ ਨਿਰਮਾਣ ਕਾਮੇ ਹੁਣ ਕਿਸੇ ਵੀ ਥਾਂ ਤੋਂ ਕਿਸੇ ਵੀ ਸਮੇਂ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਐਪ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਹੁਨਰ ਵਿਕਾਸ ਕੇਂਦਰਾਂ ਨੂੰ ਨਿਰਮਾਣ ਕਾਮਿਆਂ ਲਈ ਆਰਜ਼ੀ ਰਿਹਾਇਸ਼ ਵਿੱਚ ਬਦਲਣ ਦੀ ਪ੍ਰਵਾਨਗੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕਈ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਮਜਦੂਰਾਂ ਤੱਕ ਪਹੁੰਚਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ।