ਜਹਾਜ਼ਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਮੋਦੀ ਸਰਕਾਰ ਨੇ ਲਗਾਈ ‘ਐਕਸ’ ਨੂੰ ਫਟਕਾਰ
ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਏਅਰਲਾਈਨਾਂ ਦੇ ਜਹਾਜ਼ਾਂ ਨੂੰ 100 ਤੋਂ ਵੱਧ ਵਾਰ ਧਮਕੀਆਂ ਮਿਲੀਆਂ ਹਨ। ਜਹਾਜ਼ਾਂ ਨੂੰ ਉਡਾਉਣ ਦੀਆਂ ਧਮਕੀਆਂ ਦੇ ਵਿਚਕਾਰ, ਕੇਂਦਰੀ ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਫਟਕਾਰ ਲਗਾਈ ਹੈ। ਕਿਉਂਕਿ ਐਕਸ ਰਾਹੀਂ ਹੀ ਸਾਰੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
ਪ੍ਰਤੀਨਿਧਾਂ ਨਾਲ ਕੀਤੀ ਵਰਚੁਅਲ ਮੀਟਿੰਗ
ਸੰਯੁਕਤ ਸਕੱਤਰ ਸੰਕੇਤ ਐਸ ਭੋਂਦਵੇ ਨੇ ਅੱਜ ਏਅਰਲਾਈਨਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਐਕਸ ਅਤੇ ਮੈਟਾ ਦੇ ਪ੍ਰਤੀਨਿਧਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਅਧਿਕਾਰੀ ਨੇ ਕਿਹਾ ਕਿ ਹੁਣ ਸਥਿਤੀ ਅਜਿਹੀ ਬਣ ਗਈ ਹੈ ਕਿ ਲੱਗਦਾ ਹੈ ਜਿਵੇਂ ਐਕਸ ਇਨ੍ਹਾਂ ਅਪਰਾਧਾਂ ਨੂੰ ਵਧਾਵਾ ਦੇ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਪਲੇਟਫਾਰਮਾਂ ਦੇ ਨੁਮਾਇੰਦਿਆਂ ਨੂੰ ਅਜਿਹੀਆਂ ਖਤਰਨਾਕ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਸਵਾਲ ਕੀਤਾ।
120 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਭਾਰਤੀ ਏਅਰਲਾਈਨਜ਼ ਦੀਆਂ 120 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਕੱਲ੍ਹ ਵੀ, ਇੰਡੀਗੋ, ਵਿਸਤਾਰਾ ਤੇ ਏਅਰ ਇੰਡੀਆ ਦੁਆਰਾ ਸੰਚਾਲਿਤ 30 ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਹਨ। ਏਅਰਲਾਈਨਜ਼ ਨੇ ਕਿਹਾ ਕਿ ਉਨ੍ਹਾਂ ਨੇ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ, ਅਧਿਕਾਰੀਆਂ ਨੂੰ ਸੁਚੇਤ ਕੀਤਾ ਗਿਆ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ।
ਸਮੱਸਿਆ ਨਾਲ ਨਜਿੱਠਣ ਦੀ ਕੋਸ਼ਿਸ਼
ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਕਿਹਾ ਕਿ ਸਰਕਾਰ ਯਾਤਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਇਸ ਸਮੱਸਿਆ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਝੂਠੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਨੋ-ਫਲਾਈ ਲਿਸਟ ਵਿੱਚ ਪਾਉਣ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ।