ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਈਡੀ ਨੇ ਨੈਸ਼ਨਲ ਹੇਰਾਲਡ ਮਾਮਲੇ ਵਿੱਚ 21 ਜੁਲਾਈ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸ੍ਰੀਮਤੀ ਗਾਂਧੀ ਨੂੰ 23 ਜੂਨ ਨੂੰ ਵੀ ਪੇਸ਼ ਹੋਣ ਲਈ ਦੂਜੀ ਵਾਰ ਸੰਮਨ ਜਾਰੀ ਕੀਤਾ ਗਿਆ ਸੀ ਪਰ ਉਹ ਬਿਮਾਰ ਹੋਣ ਕਾਰਨ ਈਡੀ ਅੱਗੇ ਪੇਸ਼ ਨਹੀਂ ਹੋਏ ਸਨ। ਈਡੀ ਨੇ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਸੀ ਅਤੇ ਹੁਣ ਉਨ੍ਹਾਂ ਨੂੰ 21 ਜੁਲਾਈ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਹੈ।
ਕਾਂਗਰਸ ਪ੍ਰਧਾਨ ਨੂੰ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਈਡੀ ਨੇ 23 ਜੂਨ ਨੂੰ ਸੰਮਨ ਜਾਰੀ ਕੀਤਾ ਸੀ। ਉਨ੍ਹਾਂ ਨੂੰ ਇਸ ਤੋਂ ਪਹਿਲਾਂ ਈਡੀ ਨੇ 8 ਜੂਨ ਨੂੰ ਤਲਬ ਕੀਤਾ ਸੀ ਪਰ ਕੋਵਿਡ ਇਨਫੈਕਸ਼ਨ ਤੋਂ ਬਾਅਦ ਉਨ੍ਹਾਂ ਨੂੰ 23 ਜੂਨ ਨੂੰ ਬੁਲਾਇਆ ਗਿਆ ਸੀ।
ਸੋਨੀਆ ਗਾਂਧੀ ਨੂੰ ਹਾਲ ਹੀ ਵਿੱਚ ਕੋਵਿਡ -19 ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ 20 ਜੂਨ ਦੀ ਸ਼ਾਮ ਨੂੰ ਛੁੱਟੀ ਦੇ ਦਿੱਤੀ ਗਈ ਸੀ।
ਇਸ ਮਾਮਲੇ ‘ਚ ਈਡੀ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਪੰਜ ਦਿਨਾਂ ‘ਚ 50 ਘੰਟੇ ਤੋਂ ਜ਼ਿਆਦਾ ਪੁੱਛਗਿੱਛ ਕੀਤੀ ਸੀ ਅਤੇ ਇਸ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਉਨ੍ਹਾਂ ਦਾ ਬਿਆਨ ਦਰਜ ਕੀਤਾ ਗਿਆ।