ਕਿਸਾਨ ਜਥੇਬੰਦੀਆਂ ਦੀ ਐਮਰਜੈਂਸੀ ਬੈਠਕ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਦੀ 18 ਦਸੰਬਰ ਨੂੰ ਐਮਰਜੈਂਸੀ ਬੈਠਕ ਬੁਲਾਈ ਹੈ। ਇਸ ਬੈਠਕ ’ਚ ਸੰਭੂ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਤੇ ਵਿਚਾਰ ਕੀਤਾ ਜਾਵੇਗਾ। ਰਾਜੇਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਫ਼ਸਲ ਵੰਡ ਦੀ ਡ੍ਰਾਫਟ ਪਾਲਿਸੀ ’ਤੇ ਵੀ ਚਰਚਾ ਕੀਤੀ ਜਾਵੇਗੀ। 19 ਦਸੰਬਰ ਨੂੰ ਇਸ ਮਾਮਲੇ ਬਾਰੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰ ਕੇ ਉਨ੍ਹਾਂ ਦੀ ਰਾਇ ਲੈਣਗੇ।
ਡੱਲੇਵਾਲ ਨੂੰ ਸਮਰਥਨ ਦੇਣਾ ਸ਼ੁਰੂ
ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਨਰ ਵਰਤ ’ਤੇ ਬੈਠਣ ਤੇ ਹੁਣ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਬਾਕੀ ਕਿਸਾਨ ਜਥੇਬੰਦੀਆਂ ’ਤੇ ਅੰਦੋਲਨ ’ਚ ਸ਼ਾਮਲ ਹੋਣ ਦਾ ਦਬਾਅ ਬਣ ਰਿਹਾ ਹੈ। ਇਸ ਲਈ ਹੁਣ ਤੱਕ ਇਸ ਅੰਦੋਲਨ ਤੋਂ ਬਾਹਰ ਰਹੀਆਂ ਬਾਕੀ ਕਿਸਾਨ ਜਥੇਬੰਦੀਆਂ ਨੇ ਵੀ ਡੱਲੇਵਾਲ ਨੂੰ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਹੀ ਸੰਭੂ ਬਾਰਡਰ ’ਤੇ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਦੇ ਨੇਤਾ ਸਰਵਣ ਸਿੰਘ ਪੰਧੇਰ ਨੇ ਵੀ ਇਕ ਪੱਤਰ ਲਿਖ ਕੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਨੂੰ ਸਮਰਥਨ ਦੇਣ ਲਈ ਕਿਹਾ ਸੀ।









