ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮੂਸੇਵਾਲਾ ਨੂੰ ਕਿਸਨੇ ਮਾਰਿਆ? ਕਤਲ ਦਾ ਕਾਰਨ ਕੀ ਸੀ? ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਲਈ ਪੰਜਾਬ ਪੁਲਿਸ ਨੇ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਪਿੰਡ ਜਵਾਹਰਪੁਰ ਵਿੱਚ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਪੰਜਾਬੀ ਗਾਇਕ ਦਾ ਕਤਲ ਕਰ ਦਿੱਤਾ ਗਿਆ।
ਪੰਜਾਬੀ ਗਾਇਕ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ‘ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਘਟਨਾ ਵਿੱਚ ਸ਼ਾਮਲ ਕਾਰ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ। ਪੁਲਿਸ ਅਨੁਸਾਰ ਕਤਲ ਵਿੱਚ ਤਿੰਨ ਹਥਿਆਰ ਅਤੇ ਤਿੰਨ ਵਾਹਨ ਵਰਤੇ ਗਏ ਸਨ। ਸੋਸ਼ਲ ਮੀਡੀਆ ‘ਤੇ ਪਾਈ ਇੱਕ ਪੋਸਟ ਅਨੁਸਾਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਬਣਾਈ ਐਸ.ਆਈ.ਟੀ
ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦੇ ਗਠਨ ਨਾਲ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੂਸੇਵਾਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮੂਸੇਵਾਲਾ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਮੁਤਾਬਕ ਹਮਲਾਵਰ ਬੋਲੈਰੋ ਅਤੇ ਸਕਾਰਪੀਓ ਗੱਡੀ ‘ਚ ਸਵਾਰ ਸਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾਵੇਗਾ। ਮਾਨਸਾ ਸਿਵਲ ਹਸਪਤਾਲ ਦੇ ਬਾਹਰ ਸਿੱਧੂ ਦੇ ਸਮਰੱਥਕ ਭਾਰੀ ਗਿਣਤੀ ‘ਚ ਇੱਕਠੇ ਹੋਏ ਹਨ। ਉਹਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।