ਕੇਂਦਰ ਸਰਕਾਰ ਤੇ ਕਿਸਾਨਾਂ ਦੀ ਗੱਲਬਾਤ ਰਹੀ ਬੇ- ਨਤੀਜਾ, 19 ਮਾਰਚ ਨੂੰ 7ਵੇਂ ਦੌਰ ਦੀ ਮੀਟਿੰਗ
ਕੇਂਦਰ ਸਰਕਾਰ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਵਿਚਕਾਰ ਸ਼ਨੀਵਾਰ (22 ਫਰਵਰੀ) ਨੂੰ ਚੰਡੀਗੜ੍ਹ ਵਿੱਚ ਛੇਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਸੂਤਰਾਂ ਅਨੁਸਾਰ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ
ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਕੁਝ ਅੰਕੜੇ ਮੰਗੇ ਗਏ ਹਨ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵਰਤ ਖਤਮ ਕਰਨ ਦੀ ਅਪੀਲ ਕੀਤੀ ਗਈ
ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪੀਯੂਸ਼ ਗੋਇਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵਰਤ ਖਤਮ ਕਰਨ ਦੀ ਅਪੀਲ ਕੀਤੀ। ਡੱਲੇਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਹੋਵੇਗੀ ਜਦੋਂ ਤੱਕ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਦਿੱਤੀ ਜਾਂਦੀ।