ਬਟਾਲਾ ‘ਚ ਇੱਕ ਅਕਾਲੀ ਵਰਕਰ ‘ਤੇ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਅਕਾਲੀ ਵਰਕਰ ਦੀ ਮੌਤ ਹੋ ਗਈ ਹੈ। ਬਟਾਲਾ ਦੇ ਨਜ਼ਦੀਕੀ ਪਿੰਡ ਸ਼ੇਖੂਪੁਰਾ ਦੇ ਅਕਾਲੀ ਵਰਕਰ ਦੀ ਬੀਤੀ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਅਜੀਤਪਾਲ ਸਿੰਘ ਬੱਲ ਪੁੱਤਰ ਪਿਆਰਾ ਸਿੰਘ ਵਾਸੀ ਸ਼ੇਖੂਪੁਰਾ ਵਜੋਂ ਹੋਈ ਹੈ। ਮ੍ਰਿਤਕ ਅਜੀਤਪਾਲ ਸਿੰਘ ਦੀ ਪਤਨੀ ਸਾਬਕਾ ਬਲਾਕ ਸੰਮਤੀ ਮੈਂਬਰ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸਐਚਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਦੇ ਨਾਲ ਕਾਰ ਚ ਬੈਠ ਕੇ ਪਿੰਡ ਨੂੰ ਜਾ ਰਹੇ ਸਨ ਕਿ ਜਦ ਘਸੀਟਪੁਰ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਅਜੀਤਪਾਲ ਸਿੰਘ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਬੀਤੀ ਰਾਤ ਮੌਤ ਹੋ ਗਈ ਹੈ। ਥਾਣਾ ਮੁਖੀ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਮ੍ਰਿਤਕ ਅਜੀਤਪਾਲ ਸਿੰਘ ਦੇ ਦੋਸਤ ਅੰਮ੍ਰਿਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਪੂਰੀ ਛਾਣਬੀਣ ਕੀਤੀ ਜਾ ਰਹੀ ਹੈ ।