ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਜ਼ੋਨਲ ਯੂਨਿਟ ਲੁਧਿਆਣਾ ਨੂੰ ਵੱਡੀ ਸਫ਼ਲਤਾ ਮਿਲੀ ਹੈ। ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਪੰਜਾਬ ਦੇ ਹਵਾਈ ਅੱਡਿਆਂ ਰਾਹੀਂ ਵਿਦੇਸ਼ੀ ਕਰੰਸੀ ਦੀ ਤਸਕਰੀ ਦੀਆਂ ਦੋ ਅਹਿਮ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਕਾਰਵਾਈਆਂ ਵਿੱਚ ਵਿਭਾਗ ਨੇ 1.52 ਕਰੋੜ ਰੁਪਏ ਤੋਂ ਵੱਧ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ, ਜਦਕਿ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।
ਡੀ.ਆਰ.ਆਈ ਜਾਣਕਾਰੀ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 12 ਨਵੰਬਰ ਨੂੰ ਯੂਨਿਟ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ ਕੀਤੀ ਸੀ। ਦੁਬਈ ਜਾ ਰਹੇ ਇੱਕ ਜੋੜੇ ਨੂੰ ਏਅਰਪੋਰਟ ਟਰਮੀਨਲ ਦੇ ਅੰਦਰੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਵੱਲੋਂ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ, ਜੋ ਕਿ ਵਿਸ਼ੇਸ਼ ਤੌਰ ‘ਤੇ ਬਣਾਏ ਛੇਕਾਂ ‘ਚ ਛੁਪਾ ਕੇ ਰੱਖੀ ਗਈ ਸੀ। ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਲਾਵਾਰਸ ਬੈਗ ‘ਚੋਂ ਮਿਲੀ ਨੌਜਵਾਨ ਦੀ ਲਾਸ਼
ਇਸ ਆਪ੍ਰੇਸ਼ਨ ਤੋਂ ਬਾਅਦ ਇੰਟੈਲੀਜੈਂਸ ਹਰਕਤ ‘ਚ ਆ ਗਈ ਅਤੇ ਉਸੇ ਦਿਨ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਡੀਆਰਆਈ ਵੱਲੋਂ ਇਕ ਹੋਰ ਆਪ੍ਰੇਸ਼ਨ ਕੀਤਾ ਗਿਆ। ਇਸ ਕਾਰਵਾਈ ਵਿੱਚ ਦੁਬਈ ਜਾਣ ਵਾਲੇ ਇੱਕ ਹੋਰ ਯਾਤਰੀ ਕੋਲੋਂ 44 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਜ਼ਬਤੀਆਂ ਵਿੱਚ ਇਕੱਤਰ ਕੀਤੀ ਜਾਣਕਾਰੀ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਡੀ.ਆਰ.ਆਈ ਦੀ ਟੀਮ ਨੂੰ ਪੰਜਾਬ ਵਿੱਚੋਂ ਵਿਦੇਸ਼ੀ ਕਰੰਸੀ ਦੀ ਤਸਕਰੀ ਵਿੱਚ ਇੱਕ ਸੰਗਠਿਤ ਗਰੋਹ ਦੀ ਸ਼ਮੂਲੀਅਤ ਬਾਰੇ ਅਹਿਮ ਸੁਰਾਗ ਮਿਲੇ ਹਨ, ਜਿਸ ਦਾ ਨੈੱਟਵਰਕ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਹੋਰ ਸ਼ਹਿਰਾਂ ਵਿੱਚ ਫੈਲਿਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਛਾਪੇਮਾਰੀ ਹੋਣ ਦੀ ਸੰਭਾਵਨਾ ਹੈ।