ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰੱਖੇ ਗਏ ਸੂਬਾ ਪੱਧਰੀ ਪ੍ਰੋਗਰਾਮ ‘ਚ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸ. ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੁੱਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਜਾਂਦੇ ਹਨ ਅਤੇ ਜਿਹੜੀ ਕੌਮ ਸ਼ਹੀਦਾਂ ਨੂੰ ਭੁੱਲ ਜਾਵੇ, ਉਹ ਉੱਜੜ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹਲਵਾਰਾ ਏਅਰਪੋਰਟ ਨੂੰ ਜਨਤਾ ਲਈ ਸ਼ੁਰੂ ਕੀਤਾ ਜਾਵੇਗਾ।
ਮਾਨ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। 161 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਸਹਿਯੋਗ ਨਾਲ ਇਹ ਏਅਰਪੋਰਟ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਟਰਮੀਨਲ ਬਣਾ ਰਹੀ ਹੈ ਅਤੇ ਇਹ 48 ਕਰੋੜ ਦੀ ਲਾਗਤ ਨਾਲ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਏਅਰਪੋਰਟ ਸ਼ੁਰੂ ਹੋਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ Law Department ਦੇ ਅਧਿਕਾਰੀਆਂ ਨੇ ਦਿੱਤੇ ਅਸਤੀਫ਼ੇ
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸ਼ਹੀਦਾਂ ਦੇ ਨਾਂ ‘ਤੇ ਯੂਨੀਵਰਸਿਟੀਆਂ, ਕਾਲਜਾਂ, ਹਵਾਈ ਅੱਡਿਆਂ ਦਾ ਨਾਂ ਨਹੀਂ ਰੱਖਾਂਗੇ ਤਾਂ ਇਸ ਦਾ ਮਤਲਬ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਸੀਂ ਛੋਟਾ ਸਮਝ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਫਲਾਈਟਾਂ ਆਉਣਗੀਆਂ ਅਤੇ ਇਸ ਨਾਲ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।