ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਹੋਈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਸਲਿਆ ਦੀ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਲਕਫੈਡ ਵੇਰਕਾ ਵਿਚ 500 ਅਸਾਮੀਆਂ ਦੀ ਗਰੁੱਪ ਸੀ ਅਤੇ ਡੀ ਦੀ ਸਿੱਧੀ ਭਰਤੀ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੀ ਸਫਾਈ ਤੇ ਸੁਰੱਖਿਆ ਲਈ 33 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਮੀਟਿੰਗ ਵਿਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿਵਲ ਸਕੱਤਰੇਤ ਵਿੱਚ 150 ਸੇਵਾਦਾਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਵਿੱਚ ਸਕੱਤਰੇਤ ਕਰੀਬ ਬੰਦ ਹੀ ਰਹਿੰਦਾ ਸੀ।
ਮੰਤਰੀ ਮੰਡਲ ਵਿੱਚ ਇਹ ਵੀ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਟਰਾਂਸਪੋਰਟ ਵਿੱਚ ਸਕਰੈਪਿੰਗ ਨੀਤੀ ਅਧੀਨ ਨਵੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ, ਜਿਸ ਵਿੱਚ ਟੈਕਸ ਦੀ ਛੋਟ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸੁਚਾਰੂ ਪ੍ਰਬੰਧ ਕਰਨ ਲਈ ਤਿੰਨ ਵੱਖ ਵੱਖ ਕੈਟਾਗਿਰੀਆਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਸਬੰਧੀ ਪੈਸੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ 14 ਹਜ਼ਾਰ ਦੇ ਕਰੀਬ ਸਿੱਧੇ ਰੂਪ ਵਿਚ ਲੋਕਾਂ ਨੂੰ ਰੁਜ਼ਗਾਰ ਮੌਕੇ ਮਿਲਣਗੇ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਤੋਂ ਸਿਰਫ ਅਧਿਆਪਨ ਦਾ ਕੰਮ ਹੀ ਲਿਆ ਜਾਵੇਗਾ। ਹੋਰ ਕੰਮਾਂ ਵਾਸਤੇ ਹੋਰ ਬਦਲਵੇਂ ਪ੍ਰਬੰਧ ਕੀਤੇ ਗਏ ਹਨ।
ਸਕੂਲ ਮੈਨੇਜਮੈਂਟ ਕਮੇਟੀਆਂ ਇਸ ਸਬੰਧੀ ਪ੍ਰਬੰਧ ਕਰਨਗੀਆਂ। ਮੈਨੇਜਮੈਟ ਕਮੇਟੀਆਂ ਨੂੰ ਸਰਕਾਰ ਵੱਲੋਂ ਪੈਸੇ ਦਿੱਤੇ ਜਾਣਗੇ।