ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਆਉਣਗੇ ਤਿੰਨ ਦਿਨਾਂ ਭਾਰਤ ਦੌਰੇ ‘ਤੇ
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਤਿੰਨ ਦਿਨਾਂ ਭਾਰਤ ਦੌਰੇ ‘ਤੇ ਅੱਜ ਭਾਵ ਸੋਮਵਾਰ ਨੂੰ ਨਵੀਂ ਦਿੱਲੀ ਪਹੁੰਚਣਗੇ। ਵਿਦੇਸ਼ ਮੰਤਰਾਲੇ (MEA) ਨੇ ਐਤਵਾਰ ਨੂੰ ਕਿਹਾ ਕਿ ਇਬਰਾਹਿਮ ਦੀ ਭਾਰਤ ਯਾਤਰਾ ਦੋਵਾਂ ਦੇਸ਼ਾਂ ਵਿਚਾਲੇ ਬਹੁ-ਖੇਤਰ ਸਹਿਯੋਗ ਏਜੰਡਾ ਤਿਆਰ ਕਰਨ ਦਾ ਰਾਹ ਪੱਧਰਾ ਕਰੇਗੀ।
ਇਹ ਵੀ ਪੜ੍ਹੋ – ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ
ਦੱਸ ਦਈਏ ਕਿ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਮਲੇਸ਼ੀਆ ਦੇ ਆਪਣੇ ਹਮਰੁਤਬਾ ਨਾਲ ਵਿਆਪਕ ਗੱਲਬਾਤ ਕਰਨਗੇ। ਇਸ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਭਾਰਤੀ ਕਾਮਿਆਂ ਦੀ ਭਰਤੀ ਸਮੇਤ ਕਈ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਣ ਦੀ ਉਮੀਦ ਹੈ।
ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਣਗੇ
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪੀਐਮ ਇਬਰਾਹਿਮ ਪੀਐਮ ਮੋਦੀ ਦੇ ਸੱਦੇ ‘ਤੇ 19 ਤੋਂ 21 ਅਗਸਤ ਤੱਕ ਭਾਰਤ ਦੀ ‘ਰਾਜ ਯਾਤਰਾ’ ਕਰਨਗੇ। 20 ਅਗਸਤ ਨੂੰ ਰਾਸ਼ਟਰਪਤੀ ਭਵਨ ਵਿੱਚ ਇਬਰਾਹਿਮ ਦਾ ਰਸਮੀ ਸਵਾਗਤ ਕੀਤਾ ਜਾਵੇਗਾ ਅਤੇ ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾਣਗੇ। ਇਸ ਤੋਂ ਬਾਅਦ ਉਹ ਪੀਐਮ ਮੋਦੀ ਨਾਲ ਬੈਠਕ ਕਰਨਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਭਾਰਤੀ ਪ੍ਰਧਾਨ ਮੰਤਰੀ ਮਲੇਸ਼ੀਆ ਦੇ ਨੇਤਾ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਬਾਅਦ ਵਿੱਚ ਇਬਰਾਹਿਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਵਾਲੇ ਹਨ।