ਕੰਗਨਾ ਦੀ ਫਿਲਮ ‘ਐਮਰਜੈਂਸੀ’ ਦਾ ਪੰਜਾਬ ਭਰ ‘ਚ ਵਿਰੋਧ, ਸਿੱਖ ਜਥੇਬੰਦੀਆਂ ਵੱਲੋਂ ਸਿਨੇਮਾਘਰਾਂ ਬਾਹਰ ਰੋਸ ਪ੍ਰਦਰਸ਼ਨ
ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸਾਂਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਈ ਹੈ। ਪਰ ਪੰਜਾਬ ਭਰ ‘ਚ ਇਸ ਦਾ ਵਿਰੋਧ ਜਾਰੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਦੇ ਸਿਨੇਮਾਘਰਾਂ ਦੇ ਬਾਹਰ ਸਿੱਖ ਜਥੇਬੰਦੀਆਂ ਨੇ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਕਈ ਥਾਵਾਂ ਤੇ ਪੁਲੀਸ ਵੀ ਤਾਇਨਾਤ ਕੀਤੀ ਗਈ ਹੈ। ਫਿਲਹਾਲ ਇਹ ਫਿਲਮ ਜ਼ਿਆਦਾਤਰ ਥਿਏਟਰਾ ਵਿੱਚ ਨਹੀਂ ਦਿਖਾਈ ਜਾ ਰਹੀ ਹੈ। ਸ਼ੋਅ ਰੋਕ ਦਿੱਤੇ ਗਏ ਹਨ।
ਇਹ ਵੀ ਪੜੋ: ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਦਿੱਲੀ ਦੇ ਵਿਦਿਆਰਥੀਆਂ ਲਈ ਆਖੀ ਵੱਡੀ ਗੱਲ
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵੀ ਬੀਤੇ ਕੱਲ੍ਹ ਫਿਲਮ ‘ਤੇ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਨ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਅਤੇ ਪੰਜਾਬ ‘ਚ ਇਸ ਦੇ ਰਿਲੀਜ਼ ‘ਤੇ ਪਾਬੰਦੀ ਦੀ ਮੰਗ ਕੀਤੀ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ। ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਸੀ ਕਿ ਪੰਜਾਬ ‘ਚ ‘ਐਮਰਜੈਂਸੀ’ ‘ਤੇ ਪਾਬੰਦੀ ਲੱਗਣੀ ਚਾਹੀਦੀ ਹੈ। ਫਿਲਮ ‘ਚ 1975 ਦੀ ਐਮਰਜੈਂਸੀ ਦੌਰਾਨ ਸਿੱਖਾਂ ਅਤੇ ਉਨ੍ਹਾਂ ਦੇ ਸੰਘਰਸ਼ ਦੀ ਤਸਵੀਰ ਇਤਿਹਾਸ ਨਾਲ ਮੇਲ ਨਹੀਂ ਖਾਂਦੀ ਅਤੇ ਫਿਲਮ ਵਿੱਚ ਸਿੱਖਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।