ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਅੱਜ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤੀ ਜਾ ਰਹੀ ਹੈ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਕੀਤੀਆਂ ਗਈਆਂ ਇਹਨਾਂ ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਚ ਸ਼ਾਮ 4 ਵਜੇ ਕਰਨਗੇ।
ਇਹਨਾਂ ਖੇਡਾਂ ਵਿਚ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰੀ ਖੇਡ ਮੁਕਾਬਲੇ ਹੋਣਗੇ ਜਿਹਨਾਂ ਦੇ ਜੇਤੂਆਂ ਨੂੰ ਲੱਖਾਂ ਰੁਪਏ ਇਨਾਮ ਮਿਲਣਗੇ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ। ਸਟੇਡੀਅਮ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ।
ਉਦਘਾਟਨ ਤੋਂ ਬਾਅਦ ਵਾਲੀਬਾਲ, ਰੱਸਾਕਸ਼ੀ, ਗੱਤਕੇ ਸਮੇਤ ਜਿਮਨਾਸਟਿਕ ਦੇ ਮੁਕਾਬਲੇ ਹੋਣਗੇ। ਪੰਜਾਬ ਭਰ ਵਿੱਚ ਇਨ੍ਹਾਂ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ। ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣੇ ਹਨ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾਂ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੌਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਸ਼ਾਮਲ ਹਨ।
ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਬਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਾਮ ਨੂੰ ਉਦਘਾਟਨ ਕਰਨਗੇ। ਪੁਲੀਸ ਅਧਿਕਾਰੀਆਂ ਦੀ ਟੀਮ ਸਮੇਤ ਪੁਲੀਸ ਕਮਿਸ਼ਨਰ ਨੇ ਸੁਰੱਖਿਆ ਦੇ ਸਾਰੇ ਇੰਤਜ਼ਾਮਾਂ ਨੂੰ ਘੋਖਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।